
ਸੰਗਰੂਰ, 10 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਇੱਥੇ ਸਰਕਾਰੀ ਰਣਬੀਰ ਕਾਲਜ ਵਿਖੇ 11 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 7:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਸਰਕਾਰੀ ਰਣਬੀਰ ਕਾਲਜ, ਸੰਗਰੂਰ ਵਿਖੇ ਜ਼ਰੂਰ ਪੁੱਜਣ।
ਰਾਹੁਲ ਚਾਬਾ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਲ ਹੋ ਸਕਦਾ ਹੈ, ਜਿਸ ਲਈ ਹਰੇਕ ਨੂੰ ਖੁੱਲ੍ਹਾ ਸੱਦਾ ਹੈ।ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਪੁਲਿਸ ਵਿਭਾਗ ਵੱਲੋਂ ਪਾਰਕਿੰਗ ਸਮੇਤ ਟਰੈਫ਼ਿਕ ਅਤੇ ਲਾਅ ਐਂਡ ਆਰਡਰ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ