
ਸ਼ੇਰਪੁਰ, 12 ਨਵੰਬਰ (ਹਿੰ. ਸ.) । ਸੰਗਰੂਰ ਜ਼ਿਲ੍ਹੇ ਦੀ ਸਬ ਤਹਿਸੀਲ ਸ਼ੇਰਪੁਰ ਦੇ ਪਿੰਡ ਮੂਲੋਵਾਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ ਨੂੰ ਸਰਵਣ ਕੀਤਾ।
ਸਮਾਗਮ ਵਿੱਚ ਸੰਗਤ ਦੇ ਰੂਪ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸ਼ਾਮਲ ਹੋਏ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮ ਉਲੀਕੇ ਹਨ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਸਥਾਨਾਂ ਉਤੇ ਧਾਰਮਿਕ ਸਮਾਗਮ, ਹਰੇਕ ਜ਼ਿਲ੍ਹੇ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਕੁਰਬਾਨੀ ਨੂੰ ਦਰਸਾਉਂਦਾ ਲਾਈਟ ਐਂਡ ਸਾਊਂਡ ਸ਼ੋਅ, ਵੱਖ ਵੱਖ ਸਥਾਨਾਂ ਤੋਂ ਚਾਰ ਨਗਰ ਕੀਰਤਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਬੀ.ਡੀ.ਪੀ.ਓ. ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ