
ਜਲੰਧਰ, 12 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੀਆਂ ਸੜਕਾਂ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਅਧਿਕਾਰੀਆਂ ਨੂੰ ਮਿਸ਼ਨ ਮੋਡ ’ਤੇ ਕੰਮ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਅਤੇ ਐਸ.ਪੀ.ਸੀ.ਏ. ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ 31 ਦਸੰਬਰ ਤੋਂ ਪਹਿਲਾਂ ਸ਼ਹਿਰ ਦੇ ਸਾਰੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਤੱਕ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਭੇਜ ਕੇ ਸਮੁੱਚੇ ਜ਼ਿਲ੍ਹੇ ਨੂੰ ਇਸ ਸਮੱਸਿਆ ਤੋਂ ਮੁਕਤ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਅਗਰਵਾਲ ਨੇ ਸ਼ਾਹਕੋਟ ਵਿਖੇ ਕੰਨੀਆ ਕਲਾਂ ਗਊਸ਼ਾਲਾ ਵਿੱਚ ਜਲਦ ਹੀ ਨਵੇਂ ਸ਼ੈੱਡ ਦੀ ਉਸਾਰੀ ਬਾਰੇ ਵੀ ਦੱਸਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕਾਂ ’ਤੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਨਤਾ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਲੋਕ ਪ੍ਰਸ਼ਾਸਨ ਵੱਲੋਂ ਜਾਰੀ ਵਟਸਐਪ ਹੈਲਪਲਾਈਨ 9646-222-555 ’ਤੇ ਬੇਸਹਾਰਾ ਪਸ਼ੂਧਨ ਬਾਰੇ ਸੂਚਨਾ ਭੇਜ ਸਕਦੇ ਹਨ, ਤਾਂ ਜੋ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਗਊਸ਼ਾਲਾਵਾਂ ਵਿੱਚ ਭੇਜਣ ਦੀ ਵਿਵਸਥਾ ਕੀਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ ਸੇਵਾ ਤੋਂ ਬਾਅਦ ਕਰੀਬ 150 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਭੇਜੇ ਗਏ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ