
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਹਿੰ. ਸ.)। ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਨਵੰਬਰ 2025 (ਸ਼ੁੱਕਰਵਾਰ) ਸ਼ਾਮ 6 ਤੋਂ 8 ਵਜੇ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿੱਚ ਆਯੋਜਿਤ “ਲਾਈਟ ਐਂਡ ਸਾਊਂਡ” ਸਮਾਗਮ ’ਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਇਹ ਸਮਾਗਮ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਤੇ ਬਾਬਾ ਜੈਤਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹੈ।
ਕਾਕਾ ਬਰਾੜ ਨੇ ਕਿਹਾ ਕਿ ਇਹ ਸਮਾਗਮ ਸਾਨੂੰ ਆਪਣੇ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਦਾ ਇਕ ਅਨਮੋਲ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ “ਰੌਸ਼ਨੀ ਅਤੇ ਆਵਾਜ਼ ਦੇ ਇਸ ਵਿਲੱਖਣ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਮ ਲਈ ਕੀਤੀ ਬਲਿਦਾਨਮਈ ਜੀਵਨ ਕਥਾ ਨੂੰ ਦਰਸਾਇਆ ਜਾਵੇਗਾ, ਜੋ ਹਰ ਉਮਰ ਦੇ ਲੋਕਾਂ, ਖ਼ਾਸ ਤੌਰ ‘ਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗੀ।” ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਨੂੰ ਆਪਣੇ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਦੇਸ਼ ਹੈ। ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ, “ਸਾਡੇ ਗੁਰੂ ਸਾਹਿਬਾਨਾਂ ਨੇ ਧਰਮ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਹਨਾਂ ਦੀਆਂ ਕੁਰਬਾਨੀਆਂ ਸਾਨੂੰ ਏਕਤਾ, ਸਹਿਨਸ਼ੀਲਤਾ ਤੇ ਸੱਚਾਈ ਦੇ ਰਸਤੇ ‘ਤੇ ਤੁਰਨ ਦੀ ਪ੍ਰੇਰਣਾ ਦਿੰਦੀਆਂ ਹਨ।” ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਾਰੇ ਜ਼ਿਲ੍ਹਾ ਵਾਸੀਆਂ, ਵਿਦਿਆਰਥੀਆਂ, ਅਧਿਆਪਕਾਂ, ਸਮਾਜ ਸੇਵਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਪਵਿੱਤਰ ਤੇ ਇਤਿਹਾਸਕ ਯਾਦਗਾਰ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸਨੂੰ ਸਫਲ ਬਣਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ