
ਲਹਿਰਾਗਾਗਾ, 12 ਨਵੰਬਰ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਸੰਗਤਪੁਰਾ, ਬਲਾਕ ਲਹਿਰਾਗਾਗਾ ਵਿਖੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਖੇਤ ਪ੍ਰਦਰਸ਼ਨੀ ਲਗਾਈ ਗਈ। ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਦਾ ਹੈ, ਸਗੋਂ ਹਵਾ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦਗਾਰ ਹੈ।
ਡਾ. ਸੁਨੀਲ ਕੁਮਾਰ ਨੇ ਸਰਫੇਸ ਸੀਡਰ ਤਕਨੀਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਮਸ਼ੀਨ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਬਹੁਤ ਸਸਤਾ ਅਤੇ ਕਾਰਗਰ ਤਰੀਕਾ ਹੈ। ਉਨ੍ਹਾਂ ਨੇ ਇਸ ਮਸ਼ੀਨ ਨਾਲ 2 ਕਿੱਲੇ ਰਕਬੇ ਵਿੱਚ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਵੀ ਕਰਵਾਈ। ਜਿਸ ਨਾਲ ਕਿਸਾਨਾਂ ਨੂੰ ਇਸ ਦੀ ਕਾਰਗੁਜ਼ਾਰੀ ਬਾਰੇ ਪ੍ਰੈਕਟੀਕਲ ਜਾਣਕਾਰੀ ਮਿਲੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ