
ਪਟਿਆਲਾ, 12 ਨਵੰਬਰ (ਹਿੰ. ਸ.)। ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ 'ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ' ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ ਤਹਿਤ ਤੀਜੇ ਦਿਨ ਦਾ ਲੈਕਚਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਬਾਰੇ ਸੀ।
ਇਸ ਦੌਰਾਨ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤੇ ਚੱਕ ਨਾਨਕੀ ਦੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾ ਕੇ ਗੁਰੂ ਸਾਹਿਬ ਦੀ ਵਡਮੁੱਲੀ ਵਿਰਾਸਤ ਨਾਲ ਜੋੜਿਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਰੂਬਰੂ ਕਰਵਾਉਣ ਲਈ ਸਾਰੇ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਲੈਕਚਰ ਲੜੀ 27 ਨਵੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੇਰ ਦੀ ਸਭਾ ਵਿੱਚ ਸਾਰੇ ਅਧਿਆਪਕ ਤੇ ਵਿਦਿਆਰਥੀ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਵੱਡਾ ਤੇ ਸ਼ਲਾਘਾਯੋਗ ਉਪਰਾਲਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ