
ਬਰਨਾਲਾ, 12 ਨਵੰਬਰ (ਹਿੰ. ਸ.)। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਟੀ. ਬੈਨਿਥ ਆਈ. ਏ. ਐਸ ਦੀ ਰਹਿਨੁਮਾਈ ਹੇਠ ਅਤੇ ਪਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ । ਇਸ ਮੌਕੇ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਅਤੇ ਜੈ ਵਾਟੀਕਾ ਪਬਲਿਕ ਸਕੂਲ ਬਰਨਾਲਾ, ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 13 ਸਕੂਲੀ ਬੱਸਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ. ਸੀ. ਟੀ. ਵੀ. ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੋਰ ਵੱਲੋਂ ਦੱਸਿਆ ਗਿਆ ਕਿ ਇਹ ਚੈਕਿੰਗ 1 ਅਪ੍ਰੈਲ ਤੋਂ ਲਗਾਤਾਰ ਜਾਰੀ ਰੱਖੀ ਜਾਵੇਗੀ ।
ਉਹਨਾ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜ਼ਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜ਼ਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ