
ਧੂਰੀ, 12 ਨਵੰਬਰ (ਹਿੰ. ਸ.)। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਬੀਤੀ ਦੇਰ ਸ਼ਾਮ ਪਰਤੇ ਸ਼ਰਧਾਲੂਆਂ ਦੇ ਪਹਿਲੇ ਬੈਚ ਦਾ ਸਵਾਗਤ ਧੂਰੀ ਦੇ ਐਸ.ਡੀ.ਐਮ. ਰਿਸ਼ਭ ਬਾਂਸਲ ਤੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਨੇ ਪਿੰਡ ਬਰੜਵਾਲ ਵਿਖੇ ਪੁੱਜ ਕੇ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 9 ਨਵੰਬਰ ਨੂੰ ਧੂਰੀ ਹਲਕੇ ਦੇ ਪਿੰਡ ਬਰੜਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਹਿਲੇ ਬੈਚ ਨੂੰ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਕੀਤਾ ਸੀ, ਜੋ ਤਿੰਨ ਦਿਨਾਂ ਦੀ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਉਪਰੰਤ ਵਾਪਸ ਪਿੰਡ ਪਰਤਿਆ ਹੈ।
ਇਸ ਮੌਕੇ ਯਾਤਰਾ ਕਰਕੇ ਪਿੰਡ ਬਰੜਵਾਲ ਪੁੱਜੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਹਰੇਕ ਛੋਟੀ ਤੋਂ ਛੋਟੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣ ਸਦਕਾ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਉਹਨਾਂ ਦੱਸਿਆ ਕਿ ਹਰੇਕ ਬੱਸ ਵਿੱਚ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਤਾਇਨਾਤ ਕੀਤੇ ਹੋਏ ਸਨ, ਜਿਸ ਸਦਕਾ ਯਾਤਰਾ ਸੁਖਦ ਰਹੀ ਤੇ ਨਾਲੋਂ ਨਾਲ ਇਤਿਹਾਸਕ ਸਥਾਨਾਂ ਦੀ ਮਹੱਤਤਾ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹੋਏ ਸਨ ਅਤੇ ਅੱਜ ਤਿੰਨ ਦਿਨਾਂ ਦੀ ਯਾਤਰਾ ਤੋਂ ਬਾਅਦ ਸ਼ਰਧਾਲੂ ਆਪਣੇ ਪਿੰਡ ਬਰੜਵਾਲ ਵਿਖੇ ਪੁੱਜੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਇਹਨਾਂ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ ਹੈ।
ਪਿੰਡ ਬਰੜਵਾਲ ਦੇ ਸਰਪੰਚ ਕਰਮਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਧਾਰਮਿਕ ਯਾਤਰਾ ਦੀ ਸ਼ੁਰੂਆਤ ਲਈ ਪਿੰਡ ਬਰੜਵਾਲ ਦੀ ਚੋਣ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਯਾਤਰਾ ਉੱਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਵੀ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲਿਆਂਵਾਲਾ ਬਾਗ਼, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ ਹਨ ਅਤੇ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੰਡਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ