
ਜਲੰਧਰ , 13 ਨਵੰਬਰ (ਹਿੰ. ਸ.)|
ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਉਦੇਸ਼ ਨਾਲ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਬੱਸ ਸਟੈਂਡ ਜਲੰਧਰ ਵਿਖੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ ਗਿਆ।ਇਸ ਓਪਰੇਸ਼ਨ ਦੀ ਮੌਕੇ ‘ਤੇ ਏ.ਡੀ.ਸੀ.ਪੀ ਹੈੱਡਕੁਆਰਟਰ ਸੁਖਵਿੰਦਰ ਸਿੰਘ ਅਤੇ ਏ.ਸੀ.ਪੀ ਮਾਡਲ ਟਾਊਨ ਪੰਕਜ ਸ਼ਰਮਾ ਨੇ ਖੁਦ ਨਿਗਰਾਨੀ ਕੀਤੀ ਤੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕੀਤੀ।
ਇਹ ਕਾਰਵਾਈ ਐਸ.ਐਚ.ਓ. ਥਾਣਾ ਡਵੀਜ਼ਨ ਨੰਬਰ-6 ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਥਾਣਾ ਪੁਲਿਸ ਦੇ ਨਾਲ-ਨਾਲ ਡੌਗ ਸਕੁਐਡ, ਐਂਟੀ ਸਬੋਟਾਜ਼ ਟੀਮ ਅਤੇ ਐਂਟੀ ਰਾਇਟ ਪੁਲਿਸ ਟੀਮਾਂ ਨੇ ਹਿੱਸਾ ਲਿਆ।ਓਪਰੇਸ਼ਨ ਦੌਰਾਨ ਬੱਸ ਸਟੈਂਡ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ, ਵੇਟਿੰਗ ਹਾਲ, ਅੰਦਰਲੀਆਂ ਦੁਕਾਨਾਂ ਅਤੇ ਪਾਰਕਿੰਗ ਖੇਤਰਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ।ਪੰਜਾਬ ਸਰਕਾਰ ਵਲੋਂ ਜਨਤਾ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਸੋ ਓਪਰੇਸ਼ਨਾਂ ਦੌਰਾਨ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਗੈਰਕਾਨੂੰਨੀ ਗਤੀਵਿਧੀ ਨਜ਼ਰ ਆਏ, ਤਾਂ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।
-----
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ