ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣਗੇ ਵੱਖ-ਵੱਖ ਸਮਾਗਮ: ਏ. ਡੀ. ਸੀ.
ਤਰਨਤਾਰਨ, 13 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਤਿਆਰੀ ਸਬੰਧੀ ਵਧੀਕ ਡਿ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ.।


ਤਰਨਤਾਰਨ, 13 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਤਿਆਰੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ 17 ਨਵੰਬਰ ਸ਼ਾਮ 5:30 ਤੋਂ 8:30 ਵਜੇ ਤੱਕ ਪੁਲਿਸ ਲਾਈਨ ਗਰਾਊਂਡ, ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸ਼ਾਮ 5:30 ਤੋਂ 6:30 ਦਰਮਿਆਨ ਢਾਡੀ ਜਥੇ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕੀਤਾ ਜਾਵੇਗਾ ਅਤੇ ਉਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਸ਼ਹਾਦਤ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ 6:30 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਵਧੀਕ ਡਿਪਟੀ ਕਮਿਸ਼ਨਰ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਈਟ ਐਂਡ ਸ਼ੋਅ ਦੇ ਪ੍ਰੋਗਰਾਮ ਸਬੰਧੀ ਤਿਆਰੀਆਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਵੱਧ-ਚੜ ਕੇ ਸ਼ਾਮਲ ਹੋਣ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕੱਢਿਆ ਜਾ ਰਿਹਾ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਅੰਮ੍ਰਿਤਸਰ ਦੇ ਖ਼ਜ਼ਾਨਾ ਗੇਟ ਤੋਂ ਚੱਲ ਕੇ ਵਾਇਆ ਝਬਾਲ ਰੋਡ ਰਾਹੀਂ ਸਵੇਰੇ 9:00 ਵਜੇ ਦੇ ਕਰੀਬ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਹੁੰਚੇਗਾ। ਉਸ ਤੋਂ ਬਾਅਦ ਨਗਰ ਕੀਰਤਨ ਝਬਾਲ ਚੌਂਕ, ਨੂਰਦੀ, ਤਰਨ ਤਾਰਨ-ਅੰਮ੍ਰਿਤਸਰ ਬਾਈਪਾਸ ਚੌਂਕ, ਤਰਨ ਤਾਰਨ-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਟੀ-ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਂ-ਪੂਈਂ ਮੋੜ, ਖ਼ਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਜ਼ਿਲ੍ਹਾ ਕਪੂਰਥਲਾ ਵਿੱਚ ਦਾਖ਼ਲ ਹੋ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਸਾਰੇ ਰੂਟ ਵਿੱਚ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਰੂਟ ਦੌਰਾਨ ਨੀਵੇਂ ਦਰੱਖਤਾਂ ਦੀ ਸ਼ੰਗਾਈ ਆਦਿ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਰੂਟ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਬਿਜਲੀ ਦੀ ਤਾਰ ਨੀਵੀਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਤਰਨ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਕੀਰਤਨ ਸਮਾਗਮ ਹੋਵੇਗਾ। ਏਸੇ ਹੀ ਦਿਨ 22 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ, ਚੋਹਲਾ ਸਾਹਿਬ ਵਿਖੇ ਅਤੇ 24 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ, ਖੇਮਕਰਨ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੀਰਤਨ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande