
ਸੰਗਰੂਰ, 14 ਨਵੰਬਰ (ਹਿੰ. ਸ.)। ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਅਟਾਰੀ, ਜ਼ੋਨ 1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਡਾ. ਮਨਦੀਪ ਸਿੰਘ, ਇੰਚਾਰਜ (ਸਿਖਲਾਈ) ਦੀ ਯੋਗ ਅਗਵਾਈ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਭੋਜੋਵਾਲੀ, ਬਲਾਕ ਧੂਰੀ ਵਿਖੇ ਲਗਾਇਆ ਗਿਆ। ਜਿਸ ਵਿੱਚ 47 ਕਿਸਾਨਾਂ ਦੇ ਭਾਗ ਲਿਆ।
ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੇ ਸ਼ੰਕੇ ਦੂਰ ਕਰਨਾ ਸੀ। ਡਾ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸਿਖਲਾਈ ਯੋਜਨਾਵਾਂ ਅਤੇ ਹੋਰਨਾਂ ਪਸਾਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀਆਂ ਵਧੇਰੇ ਗੁਣਵੱਤਾ ਵਾਲੀਆਂ ਕਿਸਮਾਂ ਬਾਰੇ ਵੀ ਦੱਸਿਆ। ਡਾ ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਕਰਨ ਸੰਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਮਿਲਾਉਣ ਬਾਰੇ ਵੀ ਵਿਸਥਾਰਪੂਵਕ ਜਾਣਕਾਰੀ ਦਿੱਤੀ। ਉਹਨਾਂ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਸਰਫੇਸ ਸੀਡਰ ਤਕਨੀਕ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਤਕਨੀਕ ਦੀ ਵਰਤੋਂ ਨਾਲ ਬਹੁਤ ਘੱਟ ਖਰਚ ਵਿੱਚ ਪਰਾਲੀ ਦੀ ਸੰਭਾਲ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਵਿਧੀ ਨਾਲ ਬੀਜੀ ਕਣਕ ਵਿੱਚ ਨਦੀਨ ਬਹੁਤ ਘੱਟ ਉੱਗਦੇ ਹਨ ਅਤੇ ਇਹ ਕਣਕ ਡਿੱਗਦੀ ਵੀ ਨਹੀਂ।
ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਸਹੀ ਵਰਤੋਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਮੌਕੇ, ਪਹਿਲੀ ਸਿੰਚਾਈ ਤੋਂ ਪਹਿਲਾਂ ਅਤੇ ਪਹਿਲੀ ਸਿੰਚਾਈ ਤੋਂ ਬਾਅਦ ਵਿੱਚ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਵੀ ਬਾਰੀਕੀ ਵਿੱਚ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਲਘੂ ਤੱਤਾਂ ਦੀ ਘਾਟ ਅਤੇ ਇਹਨਾਂ ਦੀ ਪੂਰਤੀ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਪੀ.ਏ.ਯੂ. ਦਾ ਖੇਤੀ ਸਾਹਿਤ ਵੀ ਵੰਡਿਆ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ