
ਫਾਜ਼ਿਲਕਾ 14 ਨਵੰਬਰ (ਹਿੰ. ਸ.)। ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਵਿੱਢੀ ਮੁਹਿੰਮ ਤਹਿਤ ਲਗਾਤਾਰ ਚੈਕਿੰਗ ਅਭਿਆਨਾਂ ਰਾਹੀਂ ਘਰਾਂ ਤੇ ਦਫਤਰਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਰਾਈ-ਡੇ, ਫਰਾਈ-ਡੇ ਮੁਹਿੰਮ ਅਧੀਨ ਖੁਦ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਸਿਹਤ ਵਿਭਾਗ ਦੀ ਟੀਮ ਨਾਲ ਮਿਲ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਿਲਡਿੰਗ ਵਿਖੇ ਡੇਂਗੂ ਦਾ ਲਾਰਵਾ ਚੈੱਕ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕਿਹਾ ਕਿ ਅੱਜ ਸ਼ੁੱਕਰਵਾਰ ਡਰਾਈ ਡੇ, ਫਰਾਈ ਡੇ ਤਹਿਤ ਦਫਤਰਾਂ ਦੀ ਚੈਕਿੰਗ ਕੀਤੀ ਗਈ ਹੈ, ਪਰ ਕਿਤੇ ਵੀ ਡੇਂਗੂ ਦਾ ਲਾਰਵਾ ਨਹੀਂ ਪਾਇਆ ਗਿਆ। ਉਨ੍ਹਾਂ ਸਮੂਹ ਦਫਤਰਾਂ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਦਫਤਰ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਵੇ ਤੇ ਨਾ ਹੀ ਦਫਤਰਾਂ ਦੇ ਕੂਲਰਾਂ ਤੇ ਫਰਿੱਜਾਂ ਦੀ ਟ੍ਰੇਆਂ, ਗਮਲਿਆਂ ਤੇ ਛੱਤਾਂ ਤੇ ਪਾਣੀ ਇਕੱਠਾ ਹੋਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਜ਼ਿਲ੍ਹੇ ਨੂੰ ਡੇਂਗੂ ਮੁਕਤ ਕਰਨ ਵਿੱਚ ਆਪਣਾ ਸਹਿਯੋਗ ਦੇਣ ਤੇ ਆਪਣੇ ਘਰਾਂ ਤੇ ਆਲੇ ਦੁਆਲੇ ਕਿਤੇ ਵੀ ਪਾਣੀ ਇਕੱਠਾ ਨਾ ਹੋਣ।
ਇਸ ਮੌਕੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਨੇ ਕਿਹਾ ਕਿ ਡੇਂਗੂ ਦੇ ਕੇਸਾਂ ਦੀ ਗਿਣਤੀ ਵਿੱਚ ਕੁੱਝ ਵਾਧਾ ਹੋਇਆ ਹੈ ਇਸ ਲਈ ਸਾਵਧਾਨੀ ਵਰਤਣੀ ਜਰੂਰੀ ਹੈ। ਇਸੇ ਤਹਿਤ ਹੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫਤਰਾਂ ਵਿਖੇ ਡੇਂਗੂ ਲਾਰਵੇ ਨੂੰ ਚੈੱਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ‘ਚ ਪੈਦਾ ਹੁੰਦਾ ਹੈ। ਇਹ ਸਿਰਫ ਦਿਨ ਵੇਲੇ ਕੱਟਦਾ ਹੈ ਡੇਂਗੂ ਦੀ ਰੋਕਥਾਮ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿਚ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ