ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਲੋ ਕਿਸਾਨਾਂ ਨੂੰ ਖੇਤੀ ਲਈ ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ
ਫਤਹਿਗੜ੍ਹ ਸਾਹਿਬ, 14 ਨਵੰਬਰ (ਹਿੰ. ਸ.)।ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਉਨਤੀ ਯੋਜਨਾ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਅੱਤੇਵਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਐਡਵੋਕੇਟ ਲਖਬੀਰ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਕਿਸਾਨਾਂ ਨੂੰ ਖੇਤੀ ਲਈ ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦੇਣ ਮੌਕੇ।


ਫਤਹਿਗੜ੍ਹ ਸਾਹਿਬ, 14 ਨਵੰਬਰ (ਹਿੰ. ਸ.)।ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਉਨਤੀ ਯੋਜਨਾ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਅੱਤੇਵਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਨ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜਿਹੜੇ ਲੋਕ ਸਮੇਂ ਦੇ ਨਾਲ ਆਪਣੇ ਆਪ ਵਿੱਚ ਤਬਦੀਲੀ ਨਹੀਂ ਲਿਆਉਂਦੇ ਉਹ ਪਿੱਛੇ ਰਹਿ ਜਾਂਦੇ ਹਨ।

ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਨਿਰੰਤਰ ਉਪਰਾਲੇ ਕੀਤੇ ਗਏ ਹਨ ਅਤੇ ਇਸੇ ਕਾਰਨ ਹੀ ਇਸ ਤੋਂ ਪਹਿਲਾਂ ਪਿੰਡ ਖੇੜਾ ਅਤੇ ਚਨਾਰਥਲ ਕਲਾਂ ਵਿਖੇ ਅਜਿਹੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਸਨ ਤਾਂ ਜੋ ਕਿਸਾਨਾਂ ਨੂੰ ਉਹਨਾਂ ਦੇ ਘਰਾਂ ਨਜ਼ਦੀਕ ਪਹੁੰਚ ਕੇ ਖੇਤੀਬਾੜੀ ਨਾਲ ਸੰਬੰਧਿਤ ਸੇਵਾਵਾਂ ਅਤੇ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਨ ਕਾਰਨ ਖੇਤੀਬਾੜੀ ਵਿਭਾਗ ਜਿਹਾ ਅਹਿਮ ਵਿਭਾਗ ਪਛੜ ਗਿਆ ਸੀ ਪਰ ਹੁਣ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਇਹ ਵਿਭਾਗ 24 ਘੰਟੇ ਕਿਸਾਨਾਂ ਦੀ ਸੇਵਾ ਵਿੱਚ ਸਰਗਰਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਸ ਵਿਭਾਗ ਵਿਚ ਵੱਡੇ ਪੱਧਰ ਉੱਤੇ ਭਰਤੀ ਕੀਤੀ ਗਈ ਹੈ ਜਿਸ ਲਈ ਉਹ ਧਨਵਾਦੀ ਹਨ।

ਵਿਧਾਇਕ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਦੌਰਾਨ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਸਾਨ ਮੇਲੇ ਵਿੱਚ ਸ਼ਾਮਲ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਮਾਹਿਰਾਂ ਦੇ ਸੁਝਾਵਾਂ ਉਤੇ ਅਮਲ ਕਰਨ ਦੀ ਅਪੀਲ ਕੀਤੀ।

ਕਿਸਾਨਾਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਭਗ 80ਫ਼ੀਸਦੀ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਨੂੰ ਦਿੱਤੇ ਗਏ ਭਰਪੂਰ ਸਹਿਯੋਗ ਸਦਕਾ ਹੀ ਕਮਿਸ਼ਨ ਫਾਰ ਏਅਰ ਮੋਨੀਟਰਿੰਗ ਕੰਟਰੋਲ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਜਿਸ ਲਈ ਉਹ ਧੰਨਵਾਦੀ ਹਨ।

ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਖੇਤੀ ਮਾਹਿਰਾਂ ਨੇ ਬਹੁਤ ਕੀਮਤੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਹਨ ਜਿਨਾਂ ਉੱਤੇ ਅਮਲ ਕੀਤੇ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਕਿਸਾਨਾਂ ਅਤੇ ਜ਼ਿਮੀਦਾਰਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਉੱਤੇ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ ਜਿਸ ਦਾ ਫਾਇਦਾ ਲੈਣ ਲਈ ਕਿਸਾਨਾਂ ਨੂੰ ਲਗਾਤਾਰ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਰੱਖਣਾ ਚਾਹੀਦਾ ਹੈ। ਉਹਨਾਂ ਨੇ ਕਿਸਾਨਾਂ ਨੂੰ ਮੱਛੀ ਪਾਲਣ, ਡੇਅਰੀ ਆਦਿ ਸਹਾਇਕ ਧੰਦਿਆਂ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖਸ਼ੀਅਤਾਂ ਨੇ ਦੇਖਿਆ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਕੀਮਾਂ ਦਾ ਲਾਭ ਲੈ ਕੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਹਾ ਗਿਆ। ਉਹਨਾਂ ਵੱਲੋਂ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande