
ਲਾਲੜੂ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ) 14, ਨਵੰਬਰ (ਹਿੰ. ਸ.)। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਨਿਵਾਸੀਆਂ ਦੀ ਲੰਬੇ ਸਮੇਂ ਤੋ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਹੰਡੇਸਰਾ ਸਰਕਲ ਦੇ ਪਿੰਡ ਖੇਲਣ ਵਿਖੇ 30.27 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਨੀਹ ਪੱਥਰ ਰੱਖਿਆ। ਇਹ ਟਿਊਬਵੈਲ ਦੀ 10 ਇੰਚੀ ਅਤੇ 300 ਮੀਟਰ ਡੂੰਘਾਈ ਵਾਲਾ ਹੋਵੇਗਾ।
ਇਸ ਮੌਕੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਅਜਿਹੇ ਵਿਕਾਸਕਾਰੀ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੰਭਵ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਲੋਕਾਂ ਨੂੰ ਸਾਫ਼-ਸੁਥਰੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹਲਕਾ ਨਿਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਦੋਂ ਦਾ ਲੋਕਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਦੇ ਨਾਲ ਪੰਜਾਬ ਦੀ ਦਿੱਖ ਬਦਲਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਹੈ, ਉਦੋਂ ਤੋਂ ਸਿਰਫ ਅਤੇ ਸਿਰਫ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਮਿਲ ਸਕਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ