
ਸੰਗਰੂਰ, 14 ਨਵੰਬਰ (ਹਿੰ. ਸ.)। ਸੰਗਰੂਰ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਲੱਗੇ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਵੱਡੀ ਗਿਣਤੀ ਪੈਨਸ਼ਨਰਾਂ ਨੇ ਮੇਲੇ ਵਿੱਚ ਪਹੁੰਚ ਕੇ ਆਪਣੀ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਈ-ਕੇਵਾਈਸੀ ਕਰਵਾਈ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਮਿਤੀ 13 ਨਵੰਬਰ ਤੋਂ 15 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਲੱਗਣ ਵਾਲੇ ’ਪੈਨਸ਼ਨਰ ਸੇਵਾ ਮੇਲੇ’ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ 14 ਅਤੇ 15 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿੱਚ ਜ਼ਰੂਰ ਆਉਣ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਦਾ ਲਾਭ ਲੈਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ