
ਲੁਧਿਆਣਾ, 14 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਬਹਾਦਰਕੇ ਰੋਡ ਸਥਿਤ ਸਬਜ਼ੀ ਮੰਡੀ ਵਿਖੇ ਲੱਗਣ ਜਾ ਰਹੇ ਪਾਵਰ ਗ੍ਰਿੱਡ ਲਈ ਜਮੀਨੀ ਤੌਰ 'ਤੇ ਮੁਆਇਨਾ ਕੀਤਾ। ਇਸ ਦੌਰਾਨ ਉਹਨਾਂ ਦੇ ਨਾਲ ਪਾਵਰਕਾਮ ਦੇ ਅਧਿਕਾਰੀ ਵੀ ਹਾਜ਼ਰ ਸਨ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਇਲਾਵਾ ਬਹਾਦਰਕੇ ਰੋਡ ਸਥਿਤ ਹੌਜਰੀ ਉਦਯੋਗ ਵੱਲੋਂ ਪਿਛਲੇ ਦਿਨਾਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇੱਕ ਵੱਡਾ ਪਾਵਰਫੁਲ ਪਾਵਰ ਗ੍ਰਿਡ ਇਸ ਇਲਾਕੇ ਵਿੱਚ ਜਰੂਰ ਲਗਾਇਆ ਜਾਵੇ ਤਾਂ ਜੋ ਉਹਨਾਂ ਨੂੰ ਵਿਸ਼ੇਸ਼ ਤੌਰ 'ਤੇ ਗਰਮੀਆਂ ਦੇ ਮੌਸਮ ਵਿੱਚ ਬਿਜਲੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।ਵਿਧਾਇਕ ਗਰੇਵਾਲ ਨੇ ਦੱਸਿਆ ਕਿ ਪਾਵਰ ਗ੍ਰਿਡ ਲਈ ਉਹਨਾਂ ਨੂੰ ਹਰੀ ਝੰਡੀ ਮਿਲ ਗਈ ਹੈ ਅਤੇ ਅੱਜ ਉਹਨਾਂ ਵੱਲੋਂ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰੋਜੈਕਟ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 26 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦੀ ਜਲਦ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਵਰ ਗ੍ਰਿਡ ਦੇ ਸਥਾਪਤ ਹੋਣ ਨਾਲ ਹਲਕਾ ਪੂਰਬੀ ਦੇ ਵਸਨੀਕਾਂ ਤੋਂ ਇਲਾਵਾ ਇੰਡਸਟਰੀ, ਹੋਜਰੀ ਅਤੇ ਹੋਰ ਵਪਾਰੀ ਵਰਗ ਨੂੰ ਇਸਦਾ ਵੱਡਾ ਲਾਭ ਮਿਲੇਗਾ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ ਵਬਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ