350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ
ਅਨੰਤਨਾਗ/ਅੰਮ੍ਰਿਤਸਰ 15 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰਾ ਇਤਿਹਾਸਕ ਨਗਰ ਕੀਰਤਨ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਮ
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਦ੍ਰਿਸ਼।


ਅਨੰਤਨਾਗ/ਅੰਮ੍ਰਿਤਸਰ 15 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰਾ ਇਤਿਹਾਸਕ ਨਗਰ ਕੀਰਤਨ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਮਟਨ ਸਾਹਿਬ (ਕਸ਼ਮੀਰ) ਤੋਂ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ ਵਿੱਚ ਖਾਲਸਾਈ ਜਾਹੋਜਲਾਲ ਨਾਲ ਆਰੰਭ ਕੀਤਾ ਗਿਆ। ਇਹ ਪੁਕਾਰ ਦਿਵਸ ਨਗਰ ਕੀਰਤਨ ਪੰਡਿਤ ਕਿਰਪਾ ਰਾਮ ਜੀ ਦੇ ਕਸ਼ਮੀਰੀ ਪੰਡਿਤਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਸ ਜਾ ਕੇ ਧਰਮ ਦੀ ਰੱਖਿਆ ਲਈ ਕੀਤੀ ਪੁਕਾਰ ਦੀ ਯਾਦ ਵਿੱਚ ਸਜਾਇਆ ਗਿਆ ਹੈ। ਇਸ ਤੋਂ ਪਹਿਲਾਂ ਇੱਕ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਵੀ ਸਜਾਇਆ ਗਿਆ ਹੈ।

ਗੁਰਦੁਆਰਾ ਮਟਨ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਹਰਜਿੰਦਰ ਕੌਰ ਤੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਮਗਰੋਂ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਹੰਤ ਮਨਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਵਿਲੱਖਣਤਾ ਹੈ ਕਿ ਆਪਣੇ ਗੁਰੂ ਸਾਹਿਬਾਨ ਦੇ ਨਾਲ ਨਾਲ ਇਤਿਹਾਸ ਦੇ ਪਾਤਰ ਸਿੱਖ ਸੇਵਕਾਂ ਨੂੰ ਵੀ ਯਾਦ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਕਸ਼ਮੀਰੀ ਪੰਡਿਤਾਂ ਨਾਲ ਫਰਿਆਦ ਲੈ ਕੇ ਗੁਰੂ ਤੇਗ ਬਹਾਦਰ ਜੀ ਪਾਸ ਗਏ ਸਨ ਅਤੇ ਗੁਰੂ ਜੀ ਨੇ ਧਰਮ ਦੀ ਰੱਖਿਆ ਅਤੇ ਧਾਰਮਿਕ ਅਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਦੂਸਰਿਆਂ ਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਆਪਸੀ ਭਾਈਚਾਰਕ ਸਾਂਝ ਦਾ ਜੋਂ ਸੁਨੇਹਾ ਦਿੱਤਾ ਉਸ ਨੂੰ ਮਜ਼ਬੂਤ ਕਰਨਾ ਸਾਡਾ ਫਰਜ਼ ਹੈ। ਗੁਰਦੁਆਰਾ ਮਟਨ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਸਾਰੀਆਂ ਧਿਰਾਂ ਨੂੰ ਮਿਲ ਬੈਠ ਕੇ ਹੱਲ ਕਰਨ ਦੀ ਅਪੀਲ ਕੀਤੀ।

ਸ਼ਤਾਬਦੀ ਸਮਾਗਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਘਰ ਘਰ ਤੱਕ ਪਹੁੰਚਣ ਲਈ ਨਗਰ ਕੀਰਤਨ ਸਜਾਏ ਗਏ ਹਨ, ਜਿਸ ਪ੍ਰਤੀ ਸੰਗਤਾਂ ਦਾ ਉਤਸ਼ਾਹ ਇਸ ਦੀ ਸਫਲਤਾ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੇ ਲੋਕ ਇਸ ਵਿਚ ਸਾਮਲ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰ ਰਹੇ ਹਨ। ਉਨ੍ਹਾਂ ਸੰਗਤਾਂ ਨੂੰ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਇਤਿਹਾਸ ਦਾ ਉਹ ਪਾਤਰ ਹੈ, ਜਿਸ ਨੇ ਔਰੰਗਜ਼ੇਬ ਵੱਲੋਂ ਜਬਰੀ ਜਨੇਊ ਉਤਾਰਨ ਤੇ ਗੁਰੂ ਤੇਗ ਬਹਾਦਰ ਜੀ ਦਾ ਆਸਰਾ ਤੱਕਿਆ। ਉਨ੍ਹਾਂ ਕਿਹਾ ਕਿ ਅੱਜ ਜਦੋਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮਨਾਈ ਜਾ ਰਹੀ ਹੈ ਤਾਂ ਗੁਰੂ ਘਰ ਪ੍ਰਤੀ ਸ਼ਰਧਾ ਰੱਖਣ ਵਾਲੇ ਪੰਡਿਤ ਕਿਰਪਾ ਰਾਮ ਜੀ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਅਸਥਾਨ ਤੋਂ ਨਗਰ ਕੀਰਤਨ ਆਰੰਭ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ, ਜੋ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਲਈ ਸਹਾਈ ਹੋਵੇਗਾ। ਉਨ੍ਹਾਂ ਆਪਸੀ ਭਾਈਚਾਰਕ ਸਾਂਝਾਂ ਦੀ ਮਜ਼ਬੂਤੀ ਲਈ ਮਿਲ ਬੈਠਣ ਦੀ ਪ੍ਰੇਰਨਾ ਵੀ ਕੀਤੀ।

ਇਸ ਮੌਕੇ ਮੰਦਰ ਟਰੱਸਟ ਦੇ ਚੇਅਰਮੈਨ ਅਸ਼ੋਕ ਕੁਮਾਰ ਨੇ ਕਿਹਾ ਕਿ ਮਟਨ ਦੇ ਹਿੰਦੂ ਸਿੱਖਾਂ ਵਿੱਚ ਭਾਈਚਾਰਕ ਸਾਂਝਾਂ ਹਨ ਅਤੇ ਉਹ ਇਕ ਦੂਜੇ ਦੇ ਸਹਿਯੋਗ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮਟਨ ਸਾਹਿਬ ਤੋਂ ਜੰਮੂ ਨੂੰ ਜਾਂਦਿਆਂ ਰਸਤੇ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਰਸਤੇ ਵਿਚ ਰਾਮਬਣ ਵਿਖੇ ਹਿੰਦੂ ਭਾਈਚਾਰੇ ਵੱਲੋਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande