
ਅੰਮ੍ਰਿਤਸਰ, 15 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਏ.ਡੀ.ਸੀ.ਪੀ. ਸਿਟੀ 3 ਜਸਰੂਪ ਕੌਰ ਬਾਠ ਨੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਜਿਲ੍ਹਾ ਇੰਚਾਰਜ ਅੰਮ੍ਰਿਤਸਰ ਸ਼ਹਿਰੀ ਦੀਕਸ਼ਤ ਧਵਨ, ਏ.ਸੀ.ਪੀ. ਈਸਟ ਗਗਨਦੀਪ ਸਿੰਘ, ਏ ਅਤੇ ਬੀ ਡਵੀਜ਼ਨ ਦੇ ਸਾਰੇ ਐਸ.ਐਚ.ਓ. ਸਾਹਿਬਾਨ ਨਾਲ ਮੀਟਿੰਗ ਕਰਦੇ ਹੋਏ। ਦੱਸਿਆ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਲਈ ਕੰਮ ਕਰ ਰਹੀ ਹੈ। ਉਨਾਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਅਟੱਲ ਵਚਨਬੱਧਤਾ ਦਾ ਵਾਅਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਵਾਰਡ ਤੇ ਪੇਂਡੂ ਡਿਫੈਂਸ ਕਮੇਟੀਆਂ ਦਾ ਮਹੱਤਵਪੂਰਨ ਯੋਗਦਾਨ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਅੰਮ੍ਰਿਤਸਰ ਸ਼ਹਿਰੀ ਦੇ ਦੀਕਸ਼ਤ ਧਵਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਅਤੇ ਸੈਂਕੜੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਚੁੱਕਾ ਹੈ। ਉਨਾਂ ਨੇ ਕਿਹਾ ਕਿ ਪੇਂਡੂ ਡਿਫੈਂਸ ਕਮੇਟੀ, ਪਿੰਡ ਦੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਨਸ਼ੇ ਦੇ ਸੰਕਟ ਨਾਲ ਨਜਿੱਠਣ ਲਈ ਸਸ਼ਕਤ ਬਣਾਉਣ ਲਈ ਇੱਕ ਦੂਰਦਰਸ਼ੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਡਿਫੈਂਸ ਕਮੇਟੀਆਂ ਆਮ ਲੋਕਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਹਰਕਤਾਂ ਬਾਰੇ ਪੁਲਿਸ ਨਾਲ ਗੁਪਤ ਜਾਣਕਾਰੀ ਨੂੰ ਸਾਂਝਾ ਕਰਨ ਲਈ ਕਾਰਜਸ਼ੀਲ ਹਨ। ਧਵਨ ਨੇ ਦੱਸਿਆ ਕਿ ਹਰੇਕ ਵਾਰਡ ਵਿੱਚ ਸਰਵੇ ਕੀਤਾ ਜਾਵੇਗਾ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਨਸ਼ਿਆਂ ਦੀ ਸਪਲਾਈ ਨੂੰ ਪੂਰੀ ਤਰ੍ਹਾਂ ਰੋਕਿਆ ਜਾਵੇ। ਧਵਨ ਨੇ ਅਪੀਲ ਕੀਤੀ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰਨ ਲਈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਜਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਹਰੇਕ ਨਾਗਰਿਕ ਵੱਲੋਂ ਸਰਗਰਮ ਸਹਿਯੋਗ ਪਾਉਣਾ ਯਕੀਨੀ ਬਣਾਇਆ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ