
ਹੁਸ਼ਿਆਰਪੁਰ, 15 ਨਵੰਬਰ (ਹਿੰ. ਸ.)। ਸਰਕਾਰੀ ਐਲੀਮੈਂਟਰੀ ਸਕੂਲ ਆਫ ਹੈਪੀਨੈੱਸ, ਪ੍ਰੀਤ ਨਗਰ, ਅੱਜੋਵਾਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਮਨਦੀਪ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਧੁਨਿਕ ਲੈਬਾਂ ਬਣਾਈਆਂ ਗਈਆਂ ਹਨ ਉਥੇ ਸਾਰੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਵੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਸ ਸਲੱਮ ਏਰੀਏ ਵਾਲੇ ਸਕੂਲ ਨੇ ਪਿਛਲੇ ਸਾਲਾਂ ਵਿਚ ਕਾਬਿਲੇ-ਤਾਰੀਫ਼ ਤਰੱਕੀ ਕੀਤੀ ਹੈ। ਜਿਥੇ ਪਹਿਲਾਂ ਇਥੇ ਸੁੰਨੀ ਪਈ ਜ਼ਮੀਨ ਸੀ, ਇਥੇ ਇਕ ਆਧੁਨਿਕ ਸਕੂਲ ਹੈ, ਜਿਥੇ ਸਲੱਮ ਏਰੀਏ ਦੇ ਬੱਚੇ ਪੜ੍ਹਾਈ ਕਰਕੇ ਆਪਣਾ ਭਵਿੱਖ ਸੰਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਮਾਪੇ ਵੀ ਵਧਾਈ ਦੇ ਹੱਕਦਾਰ ਹਨ, ਜੋ ਆਪਣੇ ਬੱਚਿਆਂ ਨੂੰ ਸਕੂਲ ਭੇਜਦੇ ਹਨ, ਨਾਲ ਹੀ ਅਧਿਆਪਕਾਂ ਦੀ ਮਿਹਨਤ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਹੀ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਕਿਹਾ ਕਿ ਹਰ ਕੋਈ ਚਾਹੁੰਦਾ ਹੈ ਕਿ ਉਸ ਦਾ ਬਚਪਨ ਹਮੇਸ਼ਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਕੂਲ ਦੀ ਭਲਾਈ ਲਈ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਪਿਛਲੇ ਸਮੇਂ ਦੌਰਾਨ ਇਸ ਸਕੂਲ ਨੇ ਕਾਫੀ ਤਰੱਕੀ ਕੀਤੀ ਹੈ, ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨਲ ਟਰੱਸਟ ਦਾ ਖ਼ਾਸ ਯੋਗਦਾਨ ਹੈ। ਉਨ੍ਹਾਂ ਸਮਾਜਸੇਵੀ ਬਹਾਦੁਰ ਸਿੰਘ ਸੁਨੇਤ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ, ਜੋ ਹਮੇਸ਼ਾਂ ਇਲਾਕੇ ਦੇ ਵਿਦਿਆਰਥੀਆਂ ਦੀ ਭਲਾਈ ਲਈ ਜੁਟੇ ਰਹਿੰਦੇ ਹਨ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ 'ਤੇ ਅਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਅਖ਼ੀਰ ਵਿਚ ਸਕੂਲ ਪ੍ਰਧਾਨ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਹੋਰ ਮਹਿਮਾਨਾਂ ਨੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ