
ਅੰਮ੍ਰਿਤਸਰ, 15 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਸਮਾਜਿਕ ਕਾਰਜਾਂ ਲਈ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਸੰਸਥਾ ਨੇ ਹਮੇਸ਼ਾਂ ਹੀ ਬਿਨ੍ਹਾਂ ਕਿਸੇ ਵਿਤਕਰੇ ਦੇ ਮਨੁੱਖਤਾ ਦੀ ਸੇਵਾ ਕੀਤੀ ਅਤੇ ਲਗਾਤਾਰ ਕਰ ਰਹੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਦੁਨੀਆਂ ਅੰਦਰ ਬਹੁਤ ਸਾਰੇ ਧਰਮ ਹਨ ਪਰ ਕਿਸੇ ਵੀ ਧਰਮ ਕੋਲ ਸ਼੍ਰੋਮਣੀ ਕਮੇਟੀ ਅਜਿਹੀ ਚੁਣੀ ਹੋਈ ਧਾਰਮਿਕ ਸੰਸਥਾ ਨਹੀਂ। ਉਨ੍ਹਾਂ ਕਿਹਾ ਕਿ ਪੰਥ ਦੀ ਇਸ ਨੌਮਾਇੰਦਾ ਧਾਰਮਿਕ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਦਿਆਂ ਸੰਸਥਾ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ