
ਪਾਇਲ/ਲੁਧਿਆਣਾ, 16 ਨਵੰਬਰ (ਹਿੰ. ਸ.)। ਸਿਵਲ ਹਸਪਤਾਲ, ਦੋਰਾਹਾ ਵਿੱਚ 51 ਪੋਸਟਾਂ ਨੂੰ ਹਰੀ ਝੰਡੀ ਦੇਣ ਲਈ, ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਸ਼ਨੀਵਾਰ ਨੂੰ ਹੋਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ ਜਿਨ੍ਹਾਂ ਵਿੱਚ ਸਿਵਲ ਹਸਪਤਾਲ, ਦੋਰਾਹਾ ਵਿੱਚ 51 ਪੋਸਟਾਂ ਕੱਢਣ ਦਾ ਅਹਿਮ ਫੈਸਲਾ ਵੀ ਸ਼ਾਮਲ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਕੁੱਝ ਸਮਾਂ ਪਹਿਲਾਂ ਆਸਾਮੀਆਂ ਦਾ ਮਾਮਲਾ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸਨੂੰ ਹੁਣ ਬੂਰ ਪਿਆ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਇਨ੍ਹਾਂ ਆਸਾਮੀਆਂ ਦੇ ਭਰਨ ਤੋਂ ਬਾਅਦ ਸਿਵਲ ਹਸਪਤਾਲ, ਦੋਰਾਹਾ ਵਿਖੇ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਦੇਖਣ ਨੂੰ ਮਿਲੇਗਾ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਕੀਤੀ ਜਾਣੀ ਹੈ।
----
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ