
ਜੰਮੂ/ਅੰਮ੍ਰਿਤਸਰ 16 ਨਵੰਬਰ (ਹਿੰ. ਸ.)। ਗੁਰਦੁਆਰਾ ਮਟਨ ਸਾਹਿਬ ਤੋਂ ਬੀਤੇ ਦਿਨ ਆਰੰਭ ਹੋਇਆ ਨਗਰ ਕੀਰਤਨ ਐਤਵਾਰ ਨੂੰ ਦੂਸਰੇ ਦਿਨ ਡਿਗੀਆਨਾ ਆਸ਼ਰਮ ਜੰਮੂ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਦੇ ਕੇ ਹਿੰਦੁਸਤਾਨ ਦੇ ਲੋਕਾਂ ਨੂੰ ਧਾਰਮਿਕ ਅਜਾ਼ਾਦੀ ਨਾਲ ਜੀਉਣ ਦਾ ਹੱਕ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਗੁਰੂ ਸਾਹਿਬ ਦੇ ਉਪਕਾਰਾਂ ਨੂੰ ਯਾਦ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਇਸ ਇਤਿਹਾਸਕ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਜੰਮੂ ਕਸ਼ਮੀਰ ਦੇ ਗਵਰਨਰ, ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਆਖਿਆ ਕਿ ਸਿੱਖ ਗੁਰੂ ਸਾਹਿਬਾਨ ਨੇ ਜੁ਼ੁਲਮ ਵਿਰੁੱਧ ਸ਼ਹਾਦਤ ਦੇ ਕੇ ਮਜ਼ਲੂਮਾਂ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਮੁਗਲ ਹਾਕਮਾਂ ਵੱਲੋਂ ਕਸ਼ਮੀਰ ਦੇ ਹਿੰਦੂਆਂ ਦਾ ਜਬਰੀ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਸੀ ਤਾਂ ਪੰਡਿਤ ਕਿਰਪਾ ਰਾਮ ਜੀ ਦੀ ਅਗਵਾਈ ਹੇਠ ਕਸ਼ਮੀਰੀ ਪੰਡਿਤਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਪਾਸ ਫਰਿਆਦ ਕੀਤੀ। ਜਿਸ ਤੇ ਨੌਵੇਂ ਪਾਤਸ਼ਾਹ ਜੀ ਨੇ ਜੁ਼ੁਲਮ ਖਿਲਾਫ ਆਪਣੀ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ।
ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਅੰਦਰ ਅਜਿਹੀ ਮਿਸਾਲ ਨਹੀਂ ਮਿਲਦੀ ਕਿ ਕਿਸੇ ਦੇ ਧਰਮ ਦੀ ਰਖਵਾਲੀ ਲਈ ਸ਼ਹਾਦਤ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਕੀਤੇ ਜਾ ਰਹੇ ਸਮਾਗਮ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਭਾਗ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਮਹਾਨ ਨਗਰ ਕੀਰਤਨ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਮਹੰਤ ਮਨਜੀਤ ਸਿੰਘ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਜਥੇਦਾਰ ਗਿਆਨੀ ਟੇਕ ਸਿੰਘ ਨੇ ਨਿਭਾਈ। ਜੰਮੂ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਹਾਜ਼ਰੀ ਅਲੌਕਿਕ ਦ੍ਰਿਸ਼ ਸਿਰਜ ਰਹੀ ਸੀ। ਜੰਮੂ ਤੋਂ ਪਠਾਨਕੋਟ ਜਾਂਦਿਆਂ ਰਸਤੇ ਵਿੱਚ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ