
ਮਾਨਸਾ, 16 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਰਾਹੀਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਅਸ਼ੀਰਵਾਦ ਪੋਰਟਲ 'ਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਨੂੰ ਵਧਾ ਕੇ 60 ਦਿਨ ਤੱਕ ਕਰ ਦਿੱਤਾ ਗਿਆ ਹੈ।
ਇਸ ਨਵੇਂ ਕਦਮ ਨਾਲ ਹੁਣ ਯੋਗ ਪਰਿਵਾਰ ਨੂੰ ਸਕੀਮ ਤਹਿਤ ਅਪਲਾਈ ਕਰਨ ਲਈ ਹੋਰ ਸਮਾਂ ਮਿਲੇਗਾ ਜਿਸ ਨਾਲ ਯੋਗ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਹੀਂ ਰਹਿਣਗੇ।
ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਹੈ, ਬਿਨੈਕਾਰ ਵਿਆਹ ਦੀਆਂ ਰਸਮਾਂ ਵਿੱਚ ਰੁੱਝੇ ਹੋਣ ਕਾਰਨ ਇਨ੍ਹਾਂ ਕੋਲ ਸਕੀਮ ਅਪਲਾਈ ਕਰਨ ਲਈ ਜ਼ਿਆਦਾ ਸਮਾਂ ਨਹੀਂ ਬਚਦਾ ਸੀ, ਪਹਿਲਾਂ ਦੀ ਸ਼ਰਤ ਅਨੁਸਾਰ ਵਿਆਹ ਦੀ ਮਿਤੀ ਤੋਂ ਬਾਅਦ ਅਪਲਾਈ ਕਰਨ ਦਾ ਸਮਾਂ 30 ਦਿਨ ਹੋਣ ਕਾਰਨ ਬਹੁਤ ਸਾਰੇ ਯੋਗ ਪਰਿਵਾਰ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਸਨ।
ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਹੁਣ ਪੰਜਾਬ ਸਰਕਾਰ ਵੱਲੋਂ ਅਪਲਾਈ ਕਰਨ ਦੀ ਸਮਾਂ ਸੀਮਾ ਵਧਾ ਕੇ ਵਿਆਹ ਦੀ ਮਿਤੀ ਤੋਂ 60 ਦਿਨ ਬਾਅਦ ਤੱਕ ਕਰਨ ਨਾਲ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਅਤੇ ਉਹਨਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਅਸ਼ੀਰਵਾਦ ਸਕੀਮ ਨੂੰ ਅਪਲਾਈ ਕਰਨ ਲਈ ਸਮਾਂ ਸੀਮਾ ਵਿੱਚ ਵਾਧਾ ਕਰਨਾ ਇਨ੍ਹਾਂ ਯਤਨ ਦਾ ਹਿੱਸਾ ਹੈ।
ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਦੀ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਸਕੀਮ ਅਧੀਨ ਇਕ ਪਰਿਵਾਰ ਦੀਆਂ 2 ਲੜਕੀਆਂ ਤਕ ਹੀ ਰਾਸ਼ੀ ਦੇਣੀ ਸੀਮਿਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਾਂ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ