
ਬਟਾਲਾ, 17 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ 20 ਨਵੰਬਰ ਨੂੰ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰ ਸਾਥੀਆਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜੋਬਨ ਰੰਧਾਵਾ, ਨਵ ਨਿਯੁਕਤ ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਵੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ, ਜੋ ਬਟਾਲਾ ਵਿਖੇ ਕਰੀਬ ਸਵੇਰੇ 11 ਵਜੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਸ਼ਹੀਦ ਭਗਤ ਸਿੰਘ ਚੌਂਕ, ਨੇੜੇ ਉਸਮਾਨਪੁਰ ਸਿਟੀ ਬਟਾਲਾ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਇਸ ਨਵੰਬਰ ਮਹੀਨੇ ਵਿੱਚ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਗਤਾਂ ਵਲੋਂ ਵੱਡੀ ਤਦਾਦ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਮਹੀਨਾ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ