
ਸੰਗਰੂਰ, 18 ਨਵੰਬਰ (ਹਿੰ. ਸ.)। ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਅੱਜ ਇਥੇ ਮਾਲ ਵਿਭਾਗ ਦੇ ਕੰਮ ਦਾ ਜਾਇਜਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅਮਿਤ ਬੈਬੀ ਤੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ., ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ 'ਚ ਸਾਲਾਂ ਤੋਂ ਲੰਬਿਤ ਚੱਲੇ ਆ ਰਹੇ ਕੇਸਾਂ 'ਤੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ ਤਕਸੀਮ, ਨਿਸ਼ਾਨਦੇਹੀ, ਪੈਮਾਇਸ਼, ਖ਼ਸਰਾ-ਗਿਰਦਾਵਰੀ, ਨੰਬਰਦਾਰੀ ਤੇ ਚੌਕੀਦਾਰੀ ਦੇ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਕਰਦੇ ਹੋਏ ਇਨ੍ਹਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਅਦਾਲਤਾਂ ਦੇ ਕੇਸਾਂ ਦੇ ਨਿਪਟਾਰੇ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਵੀਜ਼ਨਲ ਕਮਿਸ਼ਨਰ ਨੇ ਐਸ.ਡੀ.ਐਮਜ ਨੂੰ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਕਾਨੂੰਗੋ ਦਫ਼ਤਰਾਂ ਦਾ ਨਿਰੀਖਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਲੰਬਿਤ ਚੱਲੀਆਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦੇਣ ਸਮੇਤ ਸਟਾਕ ਰਜਿਸਟਰ 'ਤੇ ਇੰਦਰਾਜ ਕਰਨ ਦੀ ਵੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਲਹਿਰਾ ਤੇ ਮੂਨਕ ਦੇ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ।
ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਡਵੀਜ਼ਨ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦਾ ਦੌਰਾ ਕਰਕੇ ਰਿਕਾਰਡ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ