
ਤਰਨਤਾਰਨ 19 ਨਵੰਬਰ (ਹਿੰ. ਸ.)। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਕੋਟ ਬੁੱਢਾ, ਜੱਲੋਕੇ, ਸਭਰਾਂ ਅਤੇ ਨੇੜਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਤਾਂ ਨਹੀਂ ਹੋ ਸਕਦੀ ਪਰ ਸਰਕਾਰ ਉਹਨਾਂ ਦੇ ਦੁੱਖ ਘਟਾਉਣ ਲਈ ਵੱਡੇ ਪੱਧਰ ਤੇ ਰਾਹਤ ਕਾਰਜ ਕਰ ਰਹੀ ਹੈ।
ਉਨਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਹੜ੍ਹ ਦੇ ਪਾਣੀ ਨਾਲ ਫਸਲਾਂ ਖਰਾਬ ਹੁੰਦੀਆਂ ਰਹੀਆਂ ਹਨ ਪਰ ਇਹ ਪਹਿਲੀ ਵਾਰ ਹੈ ਜਦ ਭਗਵੰਤ ਮਾਨ ਸਰਕਾਰ ਨੇ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ। ਉਹਨਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਜਿੱਥੇ ਫੌਰੀ ਰਾਹਤ ਦੇ ਤੌਰ 'ਤੇ ਪਸ਼ੂਆਂ ਲਈ ਚਾਰਾ, ਚੌਕਰ ਅਤੇ ਡੀਜ਼ਲ ਦਿੱਤਾ ਉੱਥੇ ਮੁਫਤ ਕਣਕ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਗਿਆ। ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਵਿੱਚ 8000 ਕੁਇੰਟਲ ਦੇ ਕਰੀਬ ਕਣਕ ਦਾ ਬੀਜ਼ ਮੁਫ਼ਤ ਵੰਡਿਆ ਜਾ ਚੁੱਕਾ ਹੈ।
ਉਹਨਾਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਇਸ ਨਾਲ ਇਕਮਿਕ ਹੋ ਕੇ ਫਾਇਦਾ ਲਿਆ ਜਾ ਸਕਦਾ ਹੈ। ਇਸ ਲਈ ਕੁਦਰਤ ਦੀ ਸਾਂਭ ਸੰਭਾਲ ਕਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਨਾਲ ਹੀ ਵਾਤਾਵਰਨ ਪ੍ਰਦੂਸ਼ਿਤ ਹੋ ਜਾਂਦਾ ਹੈ। ਉਪਰੰਤ ਬਹੁਤ ਸਾਰੀਆਂ ਬਿਮਾਰੀਆਂ ਖਾਸ ਤੌਰ ਤੇ ਬਜ਼ੁਰਗਾਂ ਦੀ ਸਿਹਤ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ।
ਉਹਨਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਜ਼ਿਲ੍ਹੇ ਵਿੱਚ ਹੁਣ ਤੱਕ 10 ਕਰੋੜ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ।
ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਹਨਾਂ ਦੱਸਿਆ ਕਿ ਪਿੰਡਾਂ ਦੀਆਂ ਸੜਕਾਂ ਦਾ ਜਲਦ ਹੀ ਨਿਰਮਾਣ ਸ਼ੁਰੂ ਕੀਤਾ ਜਾ ਰਿਹਾ ਹੈ। ਉਨਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਾਈ ਜਾਵੇ ਤਾਂ ਜੋ ਉਹ ਸਮਾਜ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾ ਸਕਣ।
ਹਿੰਦੂਸਥਾਨ ਸਮਾਚਾਰ / ਸੰਜੀਵ