
ਫਾਜ਼ਿਲਕਾ 2 ਨਵੰਬਰ (ਹਿੰ. ਸ.)। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਖੁਦ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮਾਂ ਦੀ ਅਗਵਾਈ ਕਰਦਿਆਂ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਪਿੰਡ ਪਾਲੀ ਵਾਲਾ, ਚੱਕ ਪਾਲੀ ਵਾਲਾ, ਮੂਲਿਆਂ ਵਾਲਾ, ਰੋੜਾਂ ਵਾਲੀ, ਪਾਕਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਪਿੰਡ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਅਸੀਂ ਸਾਰੇ ਰੱਲ ਮਿਲ ਕੇ ਅੱਗੇ ਆਈਏ ਅਤੇ ਪਰਾਲੀ ਨੂੰ ਅੱਗ ਨਾ ਲਗਾਈਏ।
ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਇਸ ਮੁਹਿੰਮ ਨਾਲ ਜੋੜਦਿਆਂ ਅਪੀਲ ਕੀਤੀ ਕਿ ਉਹ ਵੀ ਖੇਤੀਬਾੜੀ ਵਿਭਾਗ ਦਾ ਸਹਿਯੋਗ ਦਿੰਦੇ ਹੋਏ ਹੋਰਨਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਉ ਸ਼ਕਤੀ ਘੱਟਦੀ ਹੈ ਅਤੇ ਜਰੂਰੀ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਮੀਨ ਸਾਨੂੰ ਅਨ ਪ੍ਰਦਾਨ ਕਰਦੀ ਹੈ, ਇਸ ਕਰਕੇ ਸਾਨੂੰ ਜਮੀਨ ਨੂੰ ਅੱਗ ਨਹੀ ਲਗਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਰਾਹੀਂ ਸਬਸਿਡੀ ਤੇ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਹਨ ਤਾਂ ਜੋ ਯੋਗ ਤਰੀਕੇ ਨਾਲ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ