
ਚੰਡੀਗੜ੍ਹ/ਐਸ.ਏ.ਐਸ. ਨਗਰ, 2 ਨਵੰਬਰ (ਹਿੰ. ਸ.)। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਦੂਜੇ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ ਗਿਆ।
ਕੈਂਪ ਦੀ ਦੂਜੇ ਦਿਨ ਵੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ ਵਿੱਚ ਅਸਟੇਟ ਆਫਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ ਉਪਰ ਲੋਂੜੀਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਕੈਂਪ ਵਿੱਚ ਪਹੁੰਚੇ ਬਿਨੈਕਾਰ, ਜਿਨ੍ਹਾਂ ਦੇ ਕੇਸਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ, ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਛੁੱਟੀਆਂ ਵਾਲੇ ਦਿਨ (ਸ਼ਨੀਵਾਰ ਅਤੇ ਐਤਵਾਰ) ਕੈਂਪ ਲਗਾਉਣ ਦਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਜੋ ਆਮ ਕੰਮ-ਕਾਜ ਵਾਲੇ ਦਿਨ ਨਿੱਜੀ ਰੁਝੇਵਿਆਂ ਕਾਰਨ ਉਹ ਕਈ ਵਾਰ ਆਪਣੇ ਕੰਮਾਂ ਲਈ ਗਮਾਡਾ ਦਫ਼ਤਰ ਨਹੀਂ ਆ ਸਕਦੇ।
ਗਮਾਡਾ ਦੇ ਮੁੱਖ ਪ੍ਰਸ਼ਾਸਕ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿਕਾਸ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਸਾਂ ਦੀ ਪੇਂਡੇਂਸੀ ਖ਼ਤਮ ਕਰਨ ਲਈ ਗਮਾਡਾ ਵੱਲੋਂ ਇਹ 2 ਦਿਨਾਂ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕੈਂਪ ਨੂੰ ਕਾਮਯਾਬ ਬਣਾਉਣ ਲਈ ਗਮਾਡਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁੱਹਈਆ ਕਰਵਾਉਣ ਲਈ ਗਮਾਡਾ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੁਣ ਤੋਂ ਵੱਖ-ਵੱਖ ਸ਼ਾਖਾਵਾਂ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਬੇਲੋੜੀ ਦੇਰ ਨਾ ਹੋਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ