
ਫਰੀਦਕੋਟ 20 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਚਾਰ ਵਿਸ਼ਾਲ ਨਗਰ ਕੀਰਤਨਾਂ ਚੋਂ ਬਾਬਾ ਫਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫਰੀਦਕੋਟ ਤੋਂ ਆਰੰਭ ਹੋਇਆ ਨਗਰ ਕੀਰਤਨ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ।
ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਬਲਜੀਤ ਕੌਰ ਨੇ ਫਰੀਦਕੋਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਹਨਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜਾਦੀ ਦੀ ਰਾਖੀ ਲਈ ਆਪਣੀ ਆਵਾਜ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ। ਉਹਨਾਂ ਕਿਹਾ ਕਿ ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਆਜਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ।
ਉਨਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਕੀਤਾ ਜਾ ਰਿਹਾ ਹੈ। ਇਹ ਵਿਸ਼ੇਸ਼ ਸੈਸ਼ਨ ਗੁਰੂ ਸਾਹਿਬ ਦੀ ਮਨੁੱਖਤਾ ਖ਼ਾਤਰ ਦਿੱਤੀ ਅਦੁੱਤੀ ਕੁਰਬਾਨੀ ਨੂੰ ਸਮੁੱਚੀ ਮਨੁੱਖਤਾ ਵੱਲੋਂ ਸਤਿਕਾਰ ਵਜੋਂ ਹੈ।
ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦੁਨੀਆਂ ਭਰ ਵਿੱਚ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ।
ਵਿਧਾਇਕ ਜੈਤੋ ਅਮੋਲਕ ਸਿੰਘ ਨੇ ਦੱਸਿਆ ਕਿ ਪਹਿਲਾ ਨਗਰ ਕੀਰਤਨ 19 ਨਵੰਬਰ ਨੂੰ ਸ਼੍ਰੀ ਨਗਰ ਤੋਂ ਰਵਾਨਾ ਹੋ ਚੁੱਕਿਆ ਹੈ ਜੋ ਕਿ ਵਾਇਆ ਜੰਮੂ ਪਠਾਨਕੋਟ ਹੁੰਦੇ 22 ਤਾਰੀਖ ਨੂੰ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਦੂਸਰਾ ਨਗਰ ਕੀਰਤਨ 20 ਨਵੰਬਰ ਨੂੰ ਗੁਰਦਾਸਪੁਰ ਤੋਂ ਸ਼ੂਰੂ ਹੋਵੇਗਾ ਬਟਾਲਾ, ਅੰਮ੍ਰਿਤਸਰ ਹੁੰਦੇ ਹੋਏ ਜਲੰਧਰ ਫਗਵਾੜਾ, ਨਵਾਂ ਸ਼ਹਿਰ, ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਤੀਸਰਾ ਨਗਰ ਕੀਰਤਨ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਆਰੰਭਿਆ ਜਾਵੇਗਾ ਤੇ ਵਾਇਆ ਬਠਿੰਡਾ, ਸੰਗਰੂਰ, ਪਟਿਆਲਾ, ਮੋਹਾਲੀ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। 23, 24, 25 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਸਮਾਗਮ ਹੋ ਰਹੇ ਹਨ। 23 ਨੂੰ ਸਰਵ ਧਰਮ ਸੰਮੇਲਨ, ਸ਼ਾਮੀ ਤਿੰਨੋਂ ਦਿਨ ਕੀਰਤਨ ਦਰਬਾਰ ਹੋਵੇਗਾ। ਪੂਰੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਮਸ਼ਾਲਾਂ ਦੇ ਨਾਲ ਰੌਸ਼ਨ ਕੀਤਾ ਜਾਵੇਗਾ। ਤਿੰਨੋਂ ਦਿਨ ਡਰੋਨ ਸ਼ੋਅ ਵੀ ਹੋਣ ਜਾ ਰਿਹਾ ਹੈ। 25 ਤਾਰੀਖ ਨੂੰ ਸਰਬੱਤ ਦੀ ਭਲਾਈ ਲਈ ਇਕੱਤਰਤਾ ਹੋਵੇਗੀ। ਇਸ ਤੋਂ ਪਹਿਲਾ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਵੱਲੋਂ ਸਨਮਾਨਜਨਕ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ