
ਬਟਾਲਾ, 20 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਨਗਰ ਕੀਰਤਨ ਦਾ ਪੂਰੇ ਬਟਾਲਾ ਸ਼ਹਿਰ ਵਿੱਚ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਬਟਾਲਾ ਪੁਲਿਸ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਦਿਵਸ ਨੂੰ ਸਜਾਏ ਨਗਰ ਕੀਰਤਨ ਵਿੱਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਪਰਿਵਾਰ ਸਮੇਤ ਨਗਰ ਕੀਰਤਨ ਵਿੱਚ ਨਤਮਸਤਕ ਹੋਏ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਂਟ ਕੀਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਗੁਰਦਾਸਪੁਰ ਦੀ ਧਰਤੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਮਾਨਵਤਾ ਦੀ ਖਾਤਰ ਆਪਣਾ ਬਲੀਦਾਨ ਦਿੱਤਾ ਸੀ ਅਤੇ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਅਤੇ ਗੁਰੂ ਜੀ ਦੇ ਵਿਚਾਰ, ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ 'ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ