ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ
ਅੰਮ੍ਰਿਤਸਰ, 20 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਦਾ ਦ੍ਰਿਸ਼.


ਅੰਮ੍ਰਿਤਸਰ, 20 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ।

ਇਸ ਮੌਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।

ਰਵਾਨਗੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਦੇਸ਼ ਦੇ ਹੁਕਮਰਾਨਾਂ ਨੇ ਧਰਮ ਨੂੰ ਅਧਾਰ ਬਣਾ ਕੇ ਜੁਲਮ ਕੀਤਾ, ਤਾਂ ਕਸ਼ਮੀਰ ਦੇ ਪੰਡਤਾਂ ਨੇ ਗੁਰੂ ਨਾਨਕ ਦੇ ਘਰ ਦਾ ਸਹਾਰਾ ਤੱਕਿਆ। ਉਸ ਸਮੇਂ ਵੀ ਮਾਨਵਤਾ ਦਾ ਸਹਾਰਾ ਗੁਰੂ ਨਾਨਕ ਦਾ ਦਰ ਸੀ ਅਤੇ ਅੱਜ ਵੀ ਲੋੜਵੰਦਾਂ ਲਈ ਸਹਾਰਾ ਗੁਰੂ ਦਾ ਘਰ ਹੀ ਹੈ।

ਨੌਵੇਂ ਪਾਤਸ਼ਾਹ ਨੇ ਤਿਲਕ ਜੰਞੂ ਦੀ ਰੱਖਿਆ ਤੇ ਮਾਨਵੀ ਹੱਕਾਂ ਲਈ ਆਪਣੇ ਤਿੰਨ ਸਿੱਖਾਂ ਸਮੇਤ ਸ਼ਹਾਦਤ ਦਿੱਤੀ। ਅੱਜ ਜਦੋਂ ਅਸੀਂ ਇਸ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਹੇ ਹਾਂ ਤਾਂ ਇਹ ਵੀ ਜ਼ਰੂਰੀ ਹੈ ਕਿ ਅਸੀਂ ਵੀ ਆਪਣੇ ਧਾਰਮਿਕ ਹੱਕਾਂ ਤੇ ਧਾਰਮਿਕ ਪਛਾਣ ’ਤੇ ਕਾਇਮ ਰਹੀਏ। ਉਨ੍ਹਾਂ ਕਿਹਾ ਕਿ ਜਦੋਂ ਮਨੁੱਖੀ ਹੱਕਾਂ ਦੀ ਗੱਲ ਹੋਵੇਗੀ ਤਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਚੱਲੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿੱਖ ਕੌਮ ਦੀ ਇਸ ਜਾਇਜ਼ ਮੰਗ ਨੂੰ ਮੰਨਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸਾ ਪੰਥ ਸ਼ਹੀਦੀ ਸ਼ਤਾਬਦੀ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾ ਰਿਹਾ ਹੈ ਅਤੇ 23 ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਹੀਦੀ ਸਮਾਗਮਾਂ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਹਰ ਸਿੱਖ ਨੂੰ ਪੁੱਜਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande