21 ਨਵੰਬਰ ਨੂੰ ਜ਼ਿਲ੍ਹਾ ਤਰਨਤਾਰਨ 'ਚ ਪਹੁੰਚੇਗਾ ਵਿਸ਼ੇਸ਼ ਨਗਰ ਕੀਰਤਨ
ਤਰਨਤਾਰਨ, 20 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ। ਪੰਜਾਬ ਸਰਕਾਰ ਵੱਲੋਂ
ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ।


ਤਰਨਤਾਰਨ, 20 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਵਿਸ਼ੇਸ਼ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚੇਗਾ। ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਪਾਵਨ ਪਵਿੱਤਰ ਯਾਦ ਵਿੱਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦਾ ਜ਼ਿਲ੍ਹਾ ਤਰਨ ਤਾਰਨ ਵਿੱਚ ਪਹੁੰਚਣ `ਤੇ ਸਮੂਹ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ।

ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਖ਼ਜ਼ਾਨਾ ਗੇਟ ਤੋਂ ਚੱਲ ਕੇ ਵਾਇਆ ਝਬਾਲ ਰੋਡ ਰਾਹੀਂ ਸਵੇਰੇ 9:30 ਵਜੇ ਦੇ ਕਰੀਬ ਪਿੰਡ ਖ਼ੈਰਦੀਨ ਰਾਹੀਂ ਜ਼ਿਲ੍ਹਾ ਤਰਨ ਤਾਰਨ ਵਿੱਚ ਦਾਖ਼ਲ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਖ਼ੈਰਦੀਨ ਵਿਖੇ ਸੰਗਤਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਹੁੰਦਾ ਹੋਇਆ ਝਬਾਲ ਚੌਂਕ, ਨੂਰਦੀ, ਤਰਨ ਤਾਰਨ-ਅੰਮ੍ਰਿਤਸਰ ਬਾਈਪਾਸ ਚੌਂਕ, ਤਰਨ ਤਾਰਨ ਸ਼ਹਿਰ, ਟੀ-ਪੁਆਇੰਟ ਨੇੜੇ ਮਾਝਾ ਕਾਲਜ, ਗੋਇੰਦਵਾਲ ਬਾਈਪਾਸ ਤਰਨ ਤਾਰਨ, ਵੇਈਂ-ਪੂਈਂ ਮੋੜ, ਖ਼ਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਤੋਂ ਹੁੰਦਾ ਹੋਇਆ ਜ਼ਿਲ੍ਹਾ ਕਪੂਰਥਲਾ ਵਿੱਚ ਦਾਖ਼ਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਰਾਹੁਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੀਰਤਨ ਦੇ ਪੂਰੇ ਰੂਟ ਦੌਰਾਨ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰਾ ਰੂਟ ਬਿਲਕੁਲ ਸਾਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਇਸ ਡਿਊਟੀ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਕਰਦੇ ਹੋਏ ਸੰਗਤਾਂ ਦੀ ਸੇਵਾ ਕਰਨ।

ਡਿਪਟੀ ਕਮਿਸ਼ਨਰ ਰਾਹੁਲ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਤਰਨ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੀਰਤਨ ਸਮਾਗਮ ਉਨ੍ਹਾਂ ਸਥਾਨਾਂ ਉੱਪਰ ਹੋਣਗੇ ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ।

ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 6:00 ਵਜੇ ਤੋਂ 7:15 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ, ਖੇਮਕਰਨ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। ਇਸੇ ਤਰ੍ਹਾਂ ਹੀ 22 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ, ਖਡੂਰ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਤੀਸਰਾ ਕੀਰਤਨ ਸਮਾਗਮ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 23 ਨਵੰਬਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ, ਚੋਹਲਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande