
ਅੰਮ੍ਰਿਤਸਰ, 20 ਨਵੰਬਰ (ਹਿੰ. ਸ )। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਹਫ਼ਤੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਚਲਾਇਆ ਜਾ ਰਿਹਾ ਯੂ. ਟਿਊਬ ਚੈਨਲ ਇਕ ਹਫ਼ਤੇ ਲਈ ਮੁਅੱਤਲ ਕੀਤਾ ਜਾਣਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿਚ ਕਿਹਾ ਕਿ ਜਿਹੜੇ ਸੋਸ਼ਲ ਮੀਡੀਆ ਪਲੇਟਫਾਰਮ ‘ਆਵਾਜ਼ ਦੀ ਆਜ਼ਾਦੀ’ ਦੀਆਂ ਵੱਡੀਆਂ ਗੱਲਾਂ ਕਰਦੇ ਹਨ, ਉਹ ਸਿੱਖ ਇਤਿਹਾਸ ਅਤੇ ਗੁਰਬਾਣੀ ਸੰਬੰਧੀ ਸਮੱਗਰੀ ਨੂੰ ਦਬਾਉਣ ਦੇ ਫ਼ੈਸਲੇ ਕਿਸ ਨੀਤੀ ਜਾਂ ਕਿਸ ਦਬਾਅ ਹੇਠ ਲੈਂਦੇ ਹਨ, ਇਹ ਇਕ ਗੰਭੀਰ ਸਵਾਲ ਹੈ।
ਉਨਾਂ ਕਿਹਾ ਕਿ ਇਸ ਦੇ ਨਾਲ ਹੀ ਐਸ. ਜੀ. ਪੀ. ਸੀ. ਲਈ ਇਹ ਮਾਮਲਾ ਇਕ ਸਬਕ ਵੀ ਹੈ। ਬਾਹਰੀ ਸੋਸ਼ਲ ਪਲੇਟਫਾਰਮਾਂ ’ਤੇ ਪੂਰੀ ਤਰ੍ਹਾਂ ਨਿਰਭਰ ਹੋਣ ਦੀ ਬਜਾਏ ਸ਼੍ਰੋਮਣੀ ਕਮੇਟੀ ਨੂੰ ਆਪਣਾ ਅਧਿਕਾਰਤ ਸੈਟੇਲਾਈਟ ਚੈਨਲ ਚਲਾਉਣ ਦੀ ਪ੍ਰਕਿਰਿਆ ਜਲਦੀ ਪੂਰੀ ਕਰਨੀ ਚਾਹੀਦੀ ਹੈ, ਜਿਵੇਂ ਜਥੇਦਾਰ ਸਾਹਿਬਾਨਾਂ ਵਲੋਂ ਫ਼ੈਸਲਾ ਕੀਤਾ ਗਿਆ ਸੀ, ਤਾਂ ਜੋ ਗੁਰਬਾਣੀ ਪ੍ਰਸਾਰਣ, ਸਿੱਖ ਇਤਿਹਾਸ ਅਤੇ ਧਾਰਮਿਕ ਸਮਾਗਮਾਂ ’ਤੇ ਕਿਸੇ ਵੀ ਤਰ੍ਹਾਂ ਦੀ ਰੋਕ, ਦਖ਼ਲਅੰਦਾਜ਼ੀ ਜਾਂ ਪਾਬੰਦੀ ਦਾ ਸਾਹਮਣਾ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ