
ਚੰਡੀਗੜ੍ਹ, 21 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ।
ਇਸਤੋਂ ਬਾਅਦ ਉਸਦਾ ਨਾਮ ਐਫ. ਆਈ. ਆਰ. ਵਿੱਚ ਸ਼ਾਮਲ ਕੀਤਾ ਗਿਆ। ਵਿਜੀਲੈਂਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਇੰਦਰਪਾਲ ਸਿੰਘ ਨੇ ਵਿਸ਼ੇਸ਼ ਜੱਜ ਨੀਤਿਕਾ ਵਰਮਾ ਦੀ ਅਦਾਲਤ ਵਿੱਚ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਸੀ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਕਿ ਗਰੇਵਾਲ ਨੇ ਮਜੀਠੀਆ ਦੀਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕਰਨ ਅਤੇ ਛੁਪਾਉਣ ਵਿੱਚ ਮੁੱਖ ਭੂਮਿਕਾ ਨਿਭਾਈ। ਵਾਰ-ਵਾਰ ਨੋਟਿਸਾਂ ਦੇ ਬਾਵਜੂਦ, ਉਸਨੇ ਜਾਂਚ ਵਿੱਚ ਹਿੱਸਾ ਨਹੀਂ ਲਿਆ ਅਤੇ ਲਗਾਤਾਰ ਦੇਰੀ ਕਰਨ ਦੇ ਤਰੀਕੇ ਅਪਣਾਏ।
ਵਿਜੀਲੈਂਸ ਬਿਊਰੋ ਨੇ ਅਦਾਲਤ ਨੂੰ ਦੱਸਿਆ ਕਿ ਗਰੇਵਾਲ ਵਿਰੁੱਧ ਸੀਆਰਪੀਸੀ ਦੀ ਧਾਰਾ 179 ਤਹਿਤ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸਨੇ ਸਹਿਯੋਗ ਨਹੀਂ ਕੀਤਾ। ਇਸ ਤੋਂ ਇਲਾਵਾ, ਕਿਸੇ ਵੀ ਅਦਾਲਤ ਵੱਲੋਂ ਉਸਦੀ ਗ੍ਰਿਫ਼ਤਾਰੀ ‘ਤੇ ਕੋਈ ਰੋਕ ਨਹੀਂ ਹੈ, ਨਾ ਹੀ ਉਸਦੇ ਵਿਰੁੱਧ ਕੋਈ ਜ਼ਮਾਨਤ ਅਰਜ਼ੀ ਲੰਬਿਤ ਹੈ। ਜਾਂਚ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਗਜਪਤ ਗਰੇਵਾਲ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ, ਜਦੋਂ ਕਿ ਦੋਸ਼ ਗੰਭੀਰ ਹਨ। ਅਦਾਲਤ ਨੇ ਰਿਕਾਰਡ ਅਤੇ ਦਲੀਲਾਂ ਦੀ ਸਮੀਖਿਆ ਕਰਨ ਤੋਂ ਬਾਅਦ ਅਰਜ਼ੀ ਮਨਜ਼ੂਰ ਕਰ ਲਈ ਅਤੇ ਗਜਪਤ ਸਿੰਘ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ