
ਸੰਗਰੂਰ, 21 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਤਲਵੰਡੀ ਸਾਬੋ ਤੋਂ ਅਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਠਹਿਰਾ ਕਰਨ ਉਪਰੰਤ ਅੱਜ ਸਵੇਰੇ ਅਗਲੀ ਯਾਤਰਾ ਲਈ ਰਵਾਨਾ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦੀ ਪੂਰੇ ਸਤਿਕਾਰ ਤੇ ਮਰਿਆਦਾ ਨਾਲ ਸ਼ੁਰੂਆਤ ਕਰਵਾਈ।
ਇਸ ਮੌਕੇ ਨਿਮਾਣੇ ਸ਼ਰਧਾਲੂ ਵਜੋਂ ਨਗਰ ਕੀਰਤਨ ਦੇ ਦਰਸ਼ਨ ਕਰਨ ਆਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਮਨਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪੰਜਾਬ ਦੇ 142 ਸਥਾਨਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦਿੱਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 26 ਸਥਾਨ ਸੰਗਰੂਰ ਜ਼ਿਲ੍ਹੇ ਦੇ ਹਨ, ਜਿਨ੍ਹਾਂ ਦੇ ਵਿਕਾਸ ਲਈ 13 ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹਨ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕਿਰਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਹਨਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਨਗਰ ਕੀਰਤਨ ਨੂੰ ਬਰਨਾਲਾ ਕੈਚੀਆਂ ਸੰਗਰੂਰ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗਾਂ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵੀ ਵਿਖਾਏ।
ਅੱਜ ਨਗਰ ਕੀਰਤਨ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਤੋਂ ਅਰੰਭ ਹੋ ਕੇ ਪੁਲਿਸ ਲਾਈਨ ਸੰਗਰੂਰ, ਬਰਨਾਲਾ ਕੈਂਚੀਆਂ, ਪੂਨੀਆ ਟਾਵਰ, ਨਾਨਕਿਆਣਾ ਚੌਕ, ਯਾਦਵਿੰਦਰਾ ਡਰੀਮਜ਼ ਹੋਟਲ ਚੌਕ ਤੋਂ ਹੁੰਦੇ ਹੋਏ ਵੇਰਕਾ ਮਿਲਕ ਪਲਾਂਟ, ਭਵਾਨੀਗੜ੍ਹ ਕੈਂਚੀਆਂ ਸੰਗਰੂਰ ਤੋਂ ਯੂ ਟਰਨ ਕਰਦਿਆਂ ਬਲਵਾੜ ਕਲਾਂ, ਘਰਾਚੋਂ, ਭਵਾਨੀਗੜ੍ਹ ਤੋਂ ਹੁੰਦਿਆਂ ਹੋਇਆ ਚੰਨੋ ਵਿਖੇ ਜ਼ਿਲ੍ਹਾ ਪਟਿਆਲਾ ਦੀ ਹਦੂਦ ਵਿੱਚ ਦਾਖ਼ਲ ਹੋਇਆ।
ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਅਰੰਭ ਹੋਇਆ ਨਗਰ ਕੀਰਤਨ ਸੰਗਰੂਰ ਜ਼ਿਲ੍ਹੇ ਦੀ 104 ਕਿਲੋਮੀਟਰ ਦੀ ਯਾਤਰਾ ਕਰਕੇ ਅਗਲੇ ਪੜਾਅ ਪਟਿਆਲਾ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਐਸ.ਏ.ਐਸ ਨਗਰ ਵਿਖੇ ਠਹਿਰਾਅ ਉਪਰੰਤ 22 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕਿ ਸਮਾਪਤ ਹੋਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ