
ਪਟਿਆਲਾ , 22 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇ ਸ਼ਹੀਦੀ ਸ਼ਤਾਬਦੀ ਦੇ ਸਨਮਾਨ ਵਿੱਚ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਦੇ ਨੇੜੇ ਖੰਡਾ ਚੌਂਕ ਅਤੇ ਸੜਕ ਦਾ ਉਦਘਾਟਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ ਜੀ ਨੇ ਕੀਤੀ।
ਉਦਘਾਟਨ ਮੌਕੇ ਵਿਧਾਇਕ ਨੇ ਕਿਹਾ ਕਿ ਲਗਭਗ ਇਕ ਮਹੀਨੇ ਪਹਿਲਾਂ ਹੀ ਇਹ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਮੇਅਰ ਕੁੰਦਨ ਗੋਗੀਆ ਦੀ ਮਿਹਨਤ ਕਰਕੇ ਚੌਂਕ ਨੂੰ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰਵਾ ਦਿੱਤਾ। ਵਿਧਾਇਕ ਨੇ ਮੇਅਰ ਤੇ ਪੂਰੀ ਟੀਮ ਦਾ ਧੰਨਵਾਦ ਕੀਤਾ।ਇਸ ਮੌਕੇ ਵਿਧਾਇਕ ਨੇ ਐਲਾਨ ਕਰਦਿਆਂ ਕਿਹਾ ਕਿ ਜਲਦ ਹੀ ਪਟਿਆਲਾ ਵਿੱਚ ਇਕ ਹੋਰ ਚੌਂਕ ਨਵੇਂ ਰੂਪ ਵਿੱਚ ਬਣਾਇਆ ਜਾਵੇਗਾ, ਤਾਂ ਜੋ ਪੁਰਾਣੀ ਧਾਰਮਿਕ ਵਿਰਾਸਤ ਸਬੰਧੀ ਨਵੀਂ ਪੀੜੀ ਨੂੰ ਜਾਣੂ ਕਰਵਾਇਆ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ