
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 23 ਨਵੰਬਰ (ਹਿੰ. ਸ.)। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਸ੍ਰੀ ਹਰਗੋਬਿੰਦਪੁਰ ਸਾਹਿਬ ਤੋ ਸ਼੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਰਵਾਨਾ ਹੋਈਆਂ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਮਾਨਵਤਾ ਦੀ ਖਾਤਰ ਆਪਣਾ ਬਲੀਦਾਨ ਦਿੱਤਾ ਸੀ ਅਤੇ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਅਤੇ ਗੁਰੂ ਜੀ ਦੇ ਵਿਚਾਰ, ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ