
ਅੰਮ੍ਰਿਤਸਰ, 25 ਨਵੰਬਰ (ਹਿੰ. ਸ.)। ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਆਪ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ।
ਬਰਾੜ ਨੇ ਕਿਹਾ ਕਿ ਇਹ ਪਵਿੱਤਰ ਉਪਰਾਲਾ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਅਸੀਸ ਅਤੇ ਕਿਰਪਾ ਨਾਲ ਸੰਭਵ ਹੋਇਆ ਹੈ, ਜੋ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਵੱਡੀ ਖੁਸ਼ੀ ਅਤੇ ਮਾਣ ਦੀ ਗੱਲ ਹੈ। ਉਹਨਾਂ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਦਾ ਖ਼ਾਸ ਧੰਨਵਾਦ ਕੀਤਾ, ਜਿਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਅਟੱਲ ਮਿਹਨਤ ਦੇ ਕਾਰਨ ਇਹ ਇਤਿਹਾਸਕ ਫ਼ੈਸਲਾ ਹਕੀਕਤ ਬਣਿਆ ਹੈ ।
ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਤੇਗ਼ ਬਹਾਦੁਰ ਜੀ ਦੇ ਚਰਨ ਸ਼ੋਭਿਤ 141 ਪਿੰਡਾਂ ਦੇ ਵਿਕਾਸ ਲਈ 50–50 ਲੱਖ ਰੁਪਏ ਪ੍ਰਤੀ ਪਿੰਡ ਦੇ ਹਿਸਾਬ ਨਾਲ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਕਦਮ ਆਪਣੇ ਆਪ ਵਿੱਚ ਮਾਨ ਸਰਕਾਰ ਨੂੰ ਬਾਕੀ ਸਾਰੀਆਂ ਪਾਰਟੀਆਂ ਤੋਂ ਵੱਖਰਾ ਅਤੇ ਵਿਲੱਖਣ ਸਾਬਤ ਕਰਦਾ ਹੈ।
ਬਰਾੜ ਨੇ ਕਿਹਾ ਕਿ ਆਪ ਸਰਕਾਰ ਗੁਰੂਆਂ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਆਧਿਆਤਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਫ਼ੈਸਲਾ ਰੂਹਾਨੀ ਵਿਰਾਸਤ ਨੂੰ ਸੰਭਾਲਣ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਪੰਜਾਬ ਦੇ ਇਤਿਹਾਸ ਅਤੇ ਸੰਸਕਾਰ ਨੂੰ ਨਵੀਂ ਮਜ਼ਬੂਤੀ ਮਿਲੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ