ਕੌਮ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਵੇ : ਸੁਖਬੀਰ ਸਿੰਘ ਬਾਦਲ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਵੇ ਤਾਂ ਜੋ ਉਹਨਾਂ ਸਿੱਖ ਸੰਸਥਾਵਾਂ ਤੇ ਗੁਰਧਾਮਾਂ ਦਾ ਪ੍ਰਬੰਧ ਵਾਪਸ ਲਿਆ ਜਾ ਸਕੇ ਜਿਹਨਾਂ ’ਤੇ ਕੇਂਦਰ ਅਤੇ ਵੱਖ
ਸੁਖਬੀਰ ਸਿੰਘ ਬਾਦਲ ਸੰਗਤ ਨੂੰ ਸੰਬੋਧਨ ਕਰਦੇ ਹੋਏ।


ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਵੇ ਤਾਂ ਜੋ ਉਹਨਾਂ ਸਿੱਖ ਸੰਸਥਾਵਾਂ ਤੇ ਗੁਰਧਾਮਾਂ ਦਾ ਪ੍ਰਬੰਧ ਵਾਪਸ ਲਿਆ ਜਾ ਸਕੇ ਜਿਹਨਾਂ ’ਤੇ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਨੇ ਕਬਜ਼ਾ ਕਰ ਲਿਆ ਹੈ।

ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਇਥੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਤੱਕ ਤੁਸੀਂ ਇਕ ਬੈਨਰ ਹੇਠ ਇਕਜੁੱਟ ਨਹੀਂ ਹੁੰਦੇ, ਤੁਸੀਂ ਆਪਣੇ ਗੁਰਧਾਮਾਂ ਦੀ ਰਾਖੀ ਨਹੀਂ ਕਰ ਸਕੋਗੇ। ਉਹਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਪ੍ਰਬੰਧ ਪਾਰਟੀ ਕੋਲੋਂ ਇਸ ਵਾਸਤੇ ਖੋਹ ਲਿਆ ਗਿਆ ਕਿਉਂਕਿ ਪਾਰਟੀ ਕਮਜ਼ੋਰ ਹੋ ਗਈ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਨੇ ਸੂਬੇ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਨਗਰੀ ਦਾ ਦਰਜਾ ਦੇਣ ਦੇ ਕੀਤੇ ਐਲਾਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਦਰਾਂ ਸਾਲ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਪਵਿੱਤਰ ਨਗਰੀ ਦਾ ਦਰਜਾ ਦੇ ਚੁੱਕੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦਾ ਅਪਮਾਨ ਕਰਨ ਦੀ ਵੀ ਨਿਖੇਧੀ ਕੀਤੀ।ਉਹਨਾਂ ਕਿਹਾ ਕਿ ਜੋ ਕੋਈ ਵੀ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਨਮਾਨ ਨਹੀਂ ਕਰਦਾ ਉਹ ਸਾਰੀ ਕੌਮ ਦਾ ਦੁਸ਼ਮਣ ਹੈ। ਉਹਨਾਂ ਕਿਹਾ ਕਿ ਤੁਹਾਨੂੰ ਅਜਿਹੇ ਅਪਮਾਨ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਾ ਚਾਹੀਦਾ।

ਬਾਦਲ ਨੇ ਕੌਮ ਨੂੰ ਅਪੀਲ ਕੀਤੀ ਕਿ ਉਹਨਾਂ ਤਾਕਤਾਂ ਦੀ ਪਛਾਣ ਕੀਤੀ ਜਾਵੇ ਜੋ ਕੌਮ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਉਹਨਾਂ ਕਿਹਾ ਤੁਹਾਨੂੰ ਜਾਗ ਕੇ ਵੇਖਣਾ ਪਵੇਗਾ ਕਿ ਤੁਹਾਡਾ ਆਪਣਾ ਕੌਣ ਹੈ ਤੇ ਉਹ ਕੌਣ ਹਨ ਜੋ ਸਾਡੇ ਵਿਚ ਰਹਿ ਕੇ ਹੀ ਕੌਮ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ।

ਉਹਨਾਂ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਹਿੰਦੂ ਧਰਮ ਦੀ ਰੱਖਿਆ ਵਾਸਤੇ ਸ਼ਹਾਦਤ ਦੇਣ ਦੇ ਬਾਵਜੂਦ ਦੇਸ਼ ਵਿਚ ਸਿਆਸੀ ਪਾਰਟੀਆਂ ਆਪਣੇ ਸਿਆਸੀ ਲਾਭ ਵਾਸਤੇ ਇਕ ਧਰਮ ਦੇ ਲੋਕਾਂ ਨੂੰ ਦੂਜੇ ਧਰਮਰਦੇ ਲੋਕਾਂ ਨਾਲ ਲੜਾਉਣ ’ਤੇ ਲੱਗੀਆਂ ਹੋਈਆਂ ਹਨ।

ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਸਿੱਖਣ ਅਤੇ ਕਿਹਾ ਕਿ ਅਸੀਂ ਵੰਡ ਪਾਉਣ ਦੀ ਥਾਂ ’ਤੇ ਹਮੇਸ਼ਾ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਚਲਦੇ ਹਾਂ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਫਲਸਫੇ ਬਾਰੇ ਗੱਲ ਕੀਤੀ ਤੇ ਦੱਸਿਆ ਕਿ ਕਿਵੇਂ ਅੱਜ ਦੇ ਸਮੇਂ ਵਿਚ ਵੀ ਉਸਦੀ ਕਿਵੇਂ ਮਹੱਤਤਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande