
ਫਾਜ਼ਿਲਕਾ 3 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਨੂੰ ਕਰੀਬ ਸ਼ਾਮ 7 ਵਜੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਰਦਿਆਂ ਕਿਹਾ ਕਿ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ