
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 4 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਡਾ. ਅਮਰੀਕ ਸਿੰਘ ਵੱਲੋਂ ਕੇਨ ਕਮਿਸ਼ਨਰ ਪੰਜਾਬ ਦਾ ਅੱਜ ਮੋਹਾਲੀ ਦੇ ਖੇਤੀ ਭਵਨ ਵਿਖੇ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਉਹ ਕਰੀਬ ਇਕ ਸਾਲ ਤੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਮੁੱਖ ਖੇਤੀਬਾੜੀ ਅਫਸਰ ਦੀਆਂ ਸੇਵਾਵਾਂ ਨਿਭਾ ਰਹੇ ਸਨ।
ਦੱਸਣਯੋਗ ਹੈ ਕਿ ਡਾ. ਅਮਰੀਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਤੌਰ ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਅਫਸਰ, ਜ਼ਿਲ੍ਹਾ ਸਿਖਲਾਈ ਅਫਸਰ, ਮੁੱਖ ਖੇਤੀਬਾੜੀ ਅਫ਼ਸਰ ਅਤੇ ਪਠਾਨਕੋਟ ਅਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਮੁੱਖ ਖੇਤੀਬਾੜੀ ਅਫਸਰ ਸਮੇਤ ਹੋਰ ਅਨੇਕਾਂ ਅਹਿਮ ਅਹੁੱਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਉਨਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਪੰਜਾਬ ਸਰਕਾਰ ਵਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਹੰਸ ਰਾਜ ਕਾਲਜ ਦਿੱਲੀ ਯੂਨੀਵਰਸਿਟੀ ਨਵੀਂ ਦਿੱਲੀ ਵਿਖੇ ਆਯੋਜਿਤ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਾ.ਅਮਰੀਕ ਸਿੰਘ ਨੂੰ ਫ਼ਸਲ ਵਿਗਿਆਨ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬੇਹਤਰੀਨ ਸੇਵਾਵਾਂ ਲਈ “ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨਾਂ ਵੱਲੋਂ ਪੰਜਾਬ ਦੀ ਖੇਤੀਬਾੜੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਵਿੱਚ ਵੀ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ। ਸਾਲ 2023-24 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਤੌਰ ਜ਼ਿਲ੍ਹਾ ਸਿਖਲਾਈ ਅਫਸਰ ਵੱਜੋਂ ਜਾਗਰੂਕਤਾ ਮੁਹਿੰਮ ਨੂੰ ਬਹੁਤ ਹੀ ਯੋਜਨਾਬੱਧ ਢੰਗ ਨਾਲ ਚਲਾਉਦਿਆਂ ਨਿਭਾਈਆਂ ਪਸਾਰ ਸੇਵਾਂਵਾਂ ਕਾਰਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 57 ਫੀਸਦੀ ਕਮੀ ਦਰਜ ਕੀਤੀ ਗਈ। ਸਾਲ 2017 ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਗਿਆ ਸੀ। ਇਸੇ ਤਰ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿੰਨ ਵਾਰ ਬੇਹਤਰੀਨ ਪਸਾਰ ਕਾਮੇ ਵਜੋਂ, ਗੁਜਰਾਤ ਸਰਕਾਰ ਵੱਲੋਂ ਸਾਲ 2023 ਵਿੱਚ ਕਰਵਾਈ ਅੰਤਰਰਾਸ਼ਟਰੀ ਕਾਨਫਰੰਸ ਮੌਕੇ ਪਸਾਰ ਸੇਵਾਵਾਂ ਵਿੱਚ ਉਦਮਤਾ ਪੁਰਸਕਾਰ,ਆਸਥਾ ਫਾਉਂਡੇਸ਼ਨ ਮੇਰਠ(ਯੂ.ਪੀ.) ਅਤੇ ਜ਼ਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਅਤੇ ਪਠਾਨਕੋਟ ਵੱਲੋਂ ਪਸਾਰ ਸੇਵਾਵਾਂ ਵਿੱਚ ਉਦਮਤਾ ਪੁਰਸਕਾਰ ਵੱਜੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਮਿਤੀ 16-18 ਨਵੰਬਰ 2025 ਨੂੰ ਗੋਆ ਸਰਕਾਰ ਵਲੋਂ ਗੋਆ ਵਿਚ ਹੋਣ ਜਾ ਰਹੀ ਖੇਤੀਬਾੜੀ ਅਤੇ ਪਸ਼ੂ ਚਿਕਿਤਸਾ: ਪਰਿਵਰਤਨਸ਼ੀਲ ਪਹੁੰਚ, ਖੋਜ ਅਤੇ ਨਵੀਨਤਾ ਫੋਰਮ (ICAVRI–2025) 'ਤੇ ਹੋਣ ਜਾ ਰਹੀ 12ਵੀਂ ਅੰਤਰਰਾਸ਼ਟਰੀ ਕਾਨਫਰੰਸ ਵਿਚ ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ ਲਈ ਚੋਣ ਹੋਈ ਹੈ। ਉਨਾਂ ਵੱਲੋਂ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਖੇਤੀ ਨਾਲ ਜੋੜਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ, ਨੌਜਵਾਨ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ, ਵਾਤਾਵਰਣ ਅਤੇ ਕੁਦਰਤੀ ਸੋਮਿਆਂ ਦੇ ਬਚਾਅ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ। ਵਟਸਐਪ ਐਪ ਰਾਹੀਂ ਉਨਾਂ ਵੱਲੋਂ ਤਕਰੀਬਨ 45578 ਕਿਸਾਨਾਂ ਤੱਕ ਸਿੱਧੇ ਰੂਪ ਵਿੱਚ ਤਕਨੀਕੀ ਨੁਕਤੇ ਪਹੁੰਚਾਏ ਜਾ ਰਹੇ ਹਨ।
ਡਾ. ਅਮਰੀਕ ਸਿੰਘ ਵੱਲੋਂ ਖੇਤੀ ਤਕਨੀਕਾਂ ਨੂੰ ਨੌਜਵਾਨ ਕਿਸਾਨਾਂ ਤੱਕ ਪਹੁੰਚਾਉਣ ਲਈ ‘ਉੱਤਮ ਖੇਤੀ ਪੰਜਾਬ’ ਨਾਮਕ ਯੂ ਟਿਊਬ ਚੈਨਲ ਵੀ ਚਲਾਇਆ ਜਾ ਰਿਹਾ ਹੈ ਜਿਸ ਦੇ ਕਰੀਬ ਵੱਡੀ ਗਿਣਤੀ ਨੌਜਵਾਨ ਕਿਸਾਨ ਮੈਂਬਰ ਹਨ। ਅਹੁੱਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਣਕ, ਝੋਨੇ ਅਤੇ ਕਪਾਹ ਤੋਂ ਬਾਅਦ ਚੌਥੀ ਅਹਿਮ ਫ਼ਸਲ ਹੈ ਅਤੇ ਗੰਨਾ ਕਾਸ਼ਤਕਾਰਾਂ ਦੀ ਬੇਹਤਰੀ ਲਈ ਬੇਹਤਰੀ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ। ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਜਸਵੰਤ ਸਿੰਘ ਅਤੇ ਸਮੂਹ ਸਯੁੰਕਤ ਨਿਰਦੇਸ਼ਕ (ਖ਼ੇਤੀਬਾੜੀ) ਅਤੇ ਹੋਰ ਅਧਿਕਾਰੀਆਂ ਵਲੋਂ ਡਾ. ਅਮਰੀਕ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ