
ਬਸੀ ਪਠਾਣਾ, 4 ਨਵੰਬਰ (ਹਿੰ. ਸ.)। ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਰੈਲੋਂ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਰਤਨ ਦਰਬਾਰ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਜਿ਼ਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੱਖ ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵੱਧ ਤੋ ਵੱਧ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਸਿਧਾਂਤਾਂ, ਫਲਸਫੇ, ਬਾਣੀ ਤੇ ਮਹਾਨ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾ ਸਕੇ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਨੌਵੇਂ ਪਾਤਸ਼ਾਹ ਜੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫਿਰਕੇ ਲਈ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਤੇ ਸਨਮਾਨ ਲਈ ਸੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਬੱਚਿਆਂ ਤੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਹਲਕਾ ਬਸੀ ਪਠਾਣਾ ਦੇ ਵੱਖ ਵੱਖ ਪਿੰਡਾਂ ਵਿੱਚ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲਈ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ