
ਧੂਰੀ, 4 ਨਵੰਬਰ (ਹਿੰ. ਸ.)। ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਰੱਖੀ ਮੀਟਿੰਗ ਵਿੱਚ ਕੀਤਾ।
ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਉੱਤੇ ਕਰੀਬ 9 ਕਰੋੜ ਰੁਪਏ, ਧੂਰੀ ਹਲਕੇ ਦੇ 30 ਪਿੰਡਾਂ ਦੀਆਂ ਫਿਰਨੀਆਂ ਬਣਾਉਣ ਲਈ ਕਰੀਬ 30 ਕਰੋੜ ਰੁਪਏ ਅਤੇ ਲੋਕ ਨਿਰਮਾਣ ਵਿਭਾਗ ਅਧੀਨ ਧੂਰੀ ਹਲਕੇ ਵਿੱਚ ਆਉਂਦੀਆਂ ਮੁੱਖ ਸੜਕਾਂ ਦੇ ਨਵੀਨੀਕਰਨ ਉੱਤੇ ਕਰੀਬ 58 ਕਰੋੜ ਰੁਪਏ ਖ਼ਰਚੇ ਜਾਣਗੇ।
ਉਹਨਾਂ ਦੱਸਿਆ ਕਿ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਡੀ.ਐਮ ਧੂਰੀ ਰਿਸ਼ਵਤ ਬਾਂਸਲ ਸਮੇਤ ਪੰਜਾਬ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੰਜਾਬ ਮੰਡੀ ਬੋਰਡ ਅਤੇ ਈ.ਓ ਧੂਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕਰਕੇ ਹਲਕੇ ਦੀਆਂ ਸੜਕਾਂ ਦੀ ਮੁਰੰਮਤ ਸਮੇਤ ਚੌੜੀਆਂ ਕੀਤੀਆਂ ਜਾਣ ਵਾਲੀਆਂ ਸੜਕਾਂ ਉੱਤੇ ਚਰਚਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਬਣਾਉਣ ਦੀ ਤਜਵੀਜ਼ ਤਿਆਰ ਕੀਤੀ ਗਈ ਹੈ ਅਤੇ ਬਹੁਤ ਜਲਦ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਇਹਨਾਂ ਸਾਰੀਆਂ ਸੜਕਾਂ ਦਾ ਕੰਮ ਮਾਰਚ ਮਹੀਨੇ ਤੱਕ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਹਲਕੇ ਦੇ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈਂਦੇ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਦਾ ਚਹੁੰਤਰਫ਼ਾ ਵਿਕਾਸ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਮੁੱਢਲੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ