
ਤਰਨਤਾਰਨ, 5 ਨਵੰਬਰ (ਹਿੰ. ਸ.)। ਜ਼ਿਮਨੀ ਚੋਣ ਤਰਨ ਤਾਰਨ-2025 ਲਈ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਪੁਸ਼ਪਾ ਸਤਿਆਨੀ, ਆਈ.ਏ.ਐੱਸ, ਪੁਲਿਸ ਅਬਜ਼ਰਵਰ ਸ਼ਾਇਨੀ ਐੱਸ., ਆਈ.ਪੀ.ਐੱਸ. ਤੇ ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ, ਆਈ.ਆਰ.ਏ.ਐੱਸ. ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਅਬਜ਼ਰਵਰ ਸਾਹਿਬਾਨ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਚੋਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ। ਉਨ੍ਹਾਂ ਅੱਗੇ ਦੱਸਿਆ ਕਿ 114 ਪੋਲਿੰਗ ਸਟੇਸ਼ਨ ਸਥਾਨਾਂ `ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਹੈ। ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣਗੀਆਂ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਾਂ ਪੂਰੀ ਤਰ੍ਹਾਂ ਅਮਨ-ਸ਼ਾਂਤੀ ਅਤੇ ਅਜ਼ਾਦਦਾਨਾਂ ਮਹੌਲ ਵਿੱਚ ਨੇਪਰੇ ਚਾੜੀਆਂ ਜਾਣਗੀਆਂ, ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 9 ਫ਼ਲਾਇੰਗ ਸੁਕੈਅਡ ਟੀਮਾਂ, 9 ਸਟੇਟਿਕਸ ਸਰਵੀਲੈਂਸ ਟੀਮਾਂ ਬਣਾਈਆਂ ਗਈਆਂ ਹਨ ਜੋ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 6 ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ 10 ਨਾਕੇ ਸੈਕੰਡ ਡਿਫੈਂਸ ਲਾਈਨ ਵਜੋਂ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਰਧ ਸੈਨਿਕ ਬਲਾਂ ਦੀ 8 ਟੁੱਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਕਿਹਾ ਕਿ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਪੋਲਿੰਗ ਬੂਥਾਂ `ਤੇ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸੈਕਟਰਾਂ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ 7 ਨਵੰਬਰ ਤੱਕ ਹਲਕੇ ਦੇ ਸਾਰੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ `ਤੇ ਦੌਰਾ ਕਰ ਲੈਣ ਅਤੇ ਓਥੇ ਲੋੜੀਂਦੀਆਂ ਸਾਰੀਆਂ ਸਹੂਲਤਾਂ ਨੂੰ ਸਮਾਂ ਰਹਿੰਦੇ ਯਕੀਨੀ ਬਣਾ ਲੈਣ।
ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ `ਤੇ ਇੱਕ ਸ਼ਿਕਾਇਤ ਸੈੱਲ ਗਠਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀ-ਵਿਜ਼ਿਲ ਐਪ ਉੱਪਰ ਵੀ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਜਨਰਲ ਅਬਜ਼ਰਵਰ ਪੁਸ਼ਪਾ ਸਤਿਆਨੀ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਚੌਕਸੀ ਵਰਤਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖ਼ਾਸ ਕਰ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਯਕੀਨੀ ਬਣਾਈ ਜਾਵੇ।
ਇਸ ਮੌਕੇ ਪੁਲਿਸ ਅਬਜ਼ਰਵਰ ਸ਼ਾਇਨੀ ਐੱਸ. ਨੇ ਵੀ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਪੂਰੀ ਚੌਕਸੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਪੂਰੀ ਅਜ਼ਾਦੀ ਨਾਲ ਬਿਨ੍ਹਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੇ।
ਇਸ ਮੌਕੇ ਖਰਚਾ ਆਬਜ਼ਰਵਰ ਮਨਜ਼ਰੁਲ ਹਸਨ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਨੂੰ 40 ਲੱਖ ਰੁਪਏ ਤੱਕ ਚੋਣ ਖ਼ਰਚਾ ਕਰਨ ਦੀ ਇਜਾਜਤ ਦਿੱਤੀ ਗਈ ਹੈ ਅਤੇ ਖ਼ਰਚਾ ਸੈੱਲ ਵੱਲੋਂ ਉਮੀਦਵਾਰਾਂ ਦੇ ਸਮੁੱਚੇ ਚੋਣ ਖ਼ਰਚੇ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
---------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ