
ਬਟਾਲਾ, 5 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਬਟਾਲਾ ਦੀ ਆਈ.ਟੀ.ਆਈ ਦੀ ਗਰਾਊਂਡ ਵਿਖੇ 8 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ, 6 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਐਂਟਰੀ ਬਿਲਕੁਲ ਮੁਫ਼ਤ ਹੈ।
ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਹਮੇਸ਼ਾ ਦੁਨੀਆਂ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਸਮੇਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਲਈ ਉਹ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ