
ਮੋਗਾ 5 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ ਗਤੀ ਨਾਲ ਚਲਾਇਆ ਜਾ ਰਿਹਾ ਹੈ ਤਾਂ ਕਿ ਕਿਸਾਨ ਆਪਣੀ ਜਿਣਸ ਜਲਦ ਤੋਂ ਜਲਦ ਵੇਚ ਕੇ ਘਰਾਂ ਨੂੰ ਪਰਤਣ। ਪਿਛਲੇ ਸਾਲ ਨਾਲੋਂ ਇਸ ਸਾਲ ਪ੍ਰਤੀ ਦਿਨ ਦੀ ਲਿਫਟਿੰਗ ਨੂੰ ਵਧਾਇਆ ਗਿਆ ਹੈ। ਲਿਫਟਿੰਗ ਵਿੱਚ ਤੇਜੀ ਲਈ ਸਪੈਸ਼ਲਾਂ ਵੀ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਰਾਈਸ ਮਿਲਰਜ, ਆੜ੍ਹਤੀਆਂ ਐਸੋਸੋਈਏਸ਼ਨਜ ਨਾਲ ਰਾਬਤਾ ਬਣਾ ਕੇ ਉਹਨਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਨ ਦੌਰਾਨ ਕੀਤਾ। ਉਨਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 8,01,059 ਮੀਟ੍ਰਿਕ ਟਨ ਝੋਨੇ ਦੀ ਫਸਲ ਵਿੱਚੋਂ 7,66,756 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋਂ 5,66,987 ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਸਰਕਾਰੀ ਹਦਾਇਤਾਂ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵੀ ਤਹਿ ਸਮਾਂ ਸੀਮਾ ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਇਸ ਲਈ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1628 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਦੀ ਨਿਯਮਿਤ ਨਮੀ ਵਾਲੀ ਫ਼ਸਲ ਦੀ ਘੱਟ ਤੋਂ ਘੱਟ ਸਮੇਂ ਅੰਦਰ ਅੰਦਰ ਖਰੀਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ, ਇਸ ਲਈ ਮੰਡੀਆਂ ਵਿੱਚ ਸਿਰਫ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੇ ਝੋਨੇ ਦੀ ਫਸਲ ਹੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਬਣਾਈਆਂ ਗਈਆਂ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪਰਾਲੀ ਸਾੜਨ ਉਪਰ ਪੂਰਨ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਿਸਾਨ ਪਰਾਲੀ ਸਾੜਨ ਦੀ ਬਜਾਇ ਇਸਦੇ ਸੁਚੱਜੇ ਪ੍ਰਬੰਧਨ ਦੇ ਸਾਧਨਾਂ ਨੂੰ ਅਪਣਾਉਣ। ਉਹਨਾਂ ਕਿਹਾ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਾਢੀ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਇੱਥੇ ਇਹ ਵੀ ਜਿਕਰਯੋਗ ਹੈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਤੋਂ ਰੋਜਾਨਾ ਝੋਨੇ ਦੀ ਖਰੀਦ, ਲਿਫਟਿੰਗ ਆਦਿ ਸਬੰਧੀ ਰਿਪੋਰਟ ਲੈ ਰਹੇ ਹਨ ਤਾਂ ਕਿ ਪੂਰੀ ਤੇਜ ਗਤੀ ਨਾਲ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਚਾਲੂ ਰੱਖਿਆ ਜਾ ਸਕੇ ਅਤੇ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਮੁਸ਼ਕਿਲ ਪੇਸ਼ ਨਾ ਆਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ