
ਬਟਾਲਾ, 5 ਨਵੰਬਰ (ਹਿੰ. ਸ.)। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਪਵਿੱਤਰ ਦਿਹਾੜੇ 'ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸਮੁੱਚੀ ਲੋਕਾਈ ਨੂੰ ਮੁਬਾਰਕਬਾਦ ਦਿੱਤੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਨੁੱਖਤਾ ਲਈ ਪ੍ਰੇਰਣਾਦਾਇਕ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸੱਚ, ਨਿਸ਼ਕਾਮ ਸੇਵਾ ਅਤੇ ਸਮਾਨਤਾ ਦਾ ਸੰਦੇਸ਼ ਦੇ ਕੇ ਧਾਰਮਿਕਤਾ ਨੂੰ ਮਾਨਵਤਾ ਦੇ ਆਧਾਰ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿਰਫ ਧਾਰਮਿਕ ਮਾਰਗਦਰਸ਼ਕ ਨਹੀਂ ਸਗੋਂ ਵਿਸ਼ਵ ਮਾਨਵਤਾ ਦੀ ਆਤਮਿਕ ਆਵਾਜ਼ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਅੰਧਵਿਸ਼ਵਾਸ, ਭੇਦਭਾਵ ਅਤੇ ਅਨਿਆਂ ਤੋਂ ਮੁਕਤ ਕਰਕੇ ਸੱਚ, ਨੈਤਿਕਤਾ ਅਤੇ ਕਿਰਤ ਦੀ ਮਹਾਨਤਾ ਦਾ ਰਾਹ ਦੱਸਿਆ। ਉਨ੍ਹਾਂ ਨੇ ਦਰਸਾਇਆ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ “ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ” ਜੀਵਨ ਦਾ ਪੂਰਨ ਫ਼ਲਸਫ਼ਾ ਹੈ ਜੋ ਮਨੁੱਖ ਨੂੰ ਮਿਹਨਤ, ਨੈਤਿਕਤਾ ਅਤੇ ਸਾਂਝੇਦਾਰੀ ਦੀ ਸਿੱਖਿਆ ਦਿੰਦਾ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਬਟਾਲਾ ਦੀ ਆਈ.ਟੀ.ਆਈ ਦੀ ਗਰਾਊਂਡ ਵਿਖੇ 8 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ, 6 ਵਜੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਐਂਟਰੀ ਬਿਲਕੁਲ ਮੁਫ਼ਤ ਹੈ।
ਉਨ੍ਹਾਂ ਸਮੂਹ ਲੋਕਾਂ ਨੂੰ ਆਪਣੇ ਪਰਿਵਾਰਾਂ ਸਮੇਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ