
ਤਰਨਤਾਰਨ, 6 ਨਵੰਬਰ (ਹਿੰ. ਸ.)। ਤਰਨਤਾਰਨ ਜ਼ਿਮਨੀ ਚੋਣ 'ਚ ਭਾਈ ਮਨਦੀਪ ਸਿੰਘ ਦੇ ਹੱਕ ਵਿੱਚ ਜਿੱਥੇ ਹਲਕੇ ਦੀ ਸੰਗਤ ਨੇ ਪੂਰਾ ਸਮਰਥਨ ਦਿੱਤਾ ਹੋਇਆ ਹੈ ਉੱਥੇ ਹੀ ਸੱਤਾਧਿਰ ਆਮ ਆਦਮੀ ਪਾਰਟੀ ਨਾਲ ਸਬੰਧਿਤ ਦੋ ਦਰਜਨ ਤੋਂ ਵੱਧ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋਏ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਸ਼ਾਮਲ ਹੋਣ ਵਾਲੇ ਸਾਰੇ ਅਹੁਦੇਦਾਰਾਂ ਦੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਮੂਲੀਅਤ ਕਰਵਾਈ ਉਥੇ ਹੀ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸਭ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ।
ਦਲਜਿੰਦਰਬੀਰ ਸਿੰਘ ਵਿਰਕ ਅਤੇ ਜਪਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣੇ। ਸ਼ਮੂਲੀਅਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਅੱਜ ਭਗਵੰਤ ਮਾਨ ਸਰਕਾਰ ਤੋਂ ਹਰ ਵਰਗ ਦੁਖੀ ਹੈ। ਬਦਲਾਅ ਦੇ ਨਾਮ ਉਪਰ ਵੋਟਾਂ ਬਟੋਰਨ ਵਾਲੀ ਆਮ ਆਦਮੀ ਪਾਰਟੀ ਅੱਜ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ ਅੱਜ ਹਰ ਰੋਜ ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਆਮ ਘਟਨਾਵਾਂ ਬਣ ਚੁੱਕੀਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ