ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਰਨ ਤਾਰਨ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਹੋਇਆ ਰਵਾਨਾ
ਤਰਨ ਤਾਰਨ/ਅੰਮ੍ਰਿਤਸਰ, 6 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿ
,


ਤਰਨ ਤਾਰਨ/ਅੰਮ੍ਰਿਤਸਰ, 6 ਨਵੰਬਰ (ਹਿੰ. ਸ.)।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਅੰਮ੍ਰਿਤਸਰ ਲਈ ਰਵਾਨਾ ਹੋਇਆ। ਤਰਨ ਤਾਰਨ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਸਨ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਿਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਸਿੱਖ ਕੌਮ ਲਈ ਅਹਿਮ ਮਹੱਤਤਾ ਰੱਖਦੇ ਹਨ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਹਰ ਸਿੱਖ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਪ੍ਰੇਰਨਾ ਵੀ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande