
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ (ਹਿੰ. ਸ.)। ਪੰਜਾਬ ਨੂੰ ਰੰਗਲਾ ਅਤੇ ਨਸ਼ਾਮੁਕਤ ਬਣਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਦੇ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ ਵਿੱਚ ਆਯੋਜਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ। ਇਹ ਟ੍ਰੇਨਿੰਗ ਪ੍ਰੋਗਰਾਮ ਪਿਛਲੇ ਦੋ ਦਿਨਾਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੇਰਾਬੱਸੀ ਸਰਕਲ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ (ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰ) ਲਈ ਚੱਲ ਰਿਹਾ ਹੈ।
ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੇ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਅਤੇ ਭਟਕੇ ਯੁਵਕਾਂ ਨੂੰ ਸਹੀ ਰਸਤੇ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਪ੍ਰਸ਼ਾਸਨਕ ਅਧਿਕਾਰੀ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਲਾਲੜੂ, ਹੰਡੇਸਰਾ, ਡੇਰਾਬੱਸੀ ਅਤੇ ਜ਼ੀਰਕਪੁਰ ਤੋਂ ਆਏ ਕਮੇਟੀ ਮੈਂਬਰ ਮੌਜੂਦ ਸਨ।
ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਜਾ ਕੇ ਜਾਗਰੂਕਤਾ ਪੈਦਾ ਕਰਨ ਅਤੇ ਆਪਣੇ ਖੇਤਰਾਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਸੁਰਖਿਅਤ ਵਾਤਾਵਰਣ ਤਿਆਰ ਕਰਨ ਵਿੱਚ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ